ਨਵੀਂ ਦਿੱਲੀ:ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਪੁਰਾਣੇ ਰਾਜੇਂਦਰ ਨਗਰ ਇਲਾਕੇ ਵਿੱਚ ਆਰਏਯੂ ਦੇ ਆਈਏਐਸ ਸਟੱਡੀ ਸੈਂਟਰ ਵਿੱਚ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੋਚਿੰਗ ਮਾਲਕ ਸਮੇਤ ਦੋ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਦੇਰ ਰਾਤ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਬਾਅਦ ਦੋਵਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ।
ਮੁਲਜ਼ਮਾਂ 'ਤੇ ਲੱਗੀਆਂ ਕਤਲ ਦੀਆਂ ਧਾਰਾਵਾਂ: ਅਦਾਲਤ ਨੇ ਕੋਚਿੰਗ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਦੇਸ਼ਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਦਿੱਲੀ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ 28 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਨਾਂ ਤੋਂ ਇਲਾਵਾ ਪੁਲਿਸ ਨੇ ਬਿਲਡਿੰਗ ਮੈਨੇਜਮੈਂਟ, ਸਿਸਟਮ ਸੰਭਾਲਣ ਵਾਲੇ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਹੋਰ ਦੋਸ਼ੀਆਂ ਖਿਲਾਫ ਇਰਾਦਾ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਸੁੱਰਖਿਆ ਕਾਰਨਾਂ ਕਰਕੇ ਗਈ ਜਾਨ: ਤੁਹਾਨੂੰ ਦੱਸ ਦੇਈਏ ਕਿ ਲਾਇਬ੍ਰੇਰੀ ਆਰਏਯੂ ਦੇ ਆਈਏਐਸ ਸਟੱਡੀ ਸਰਕਲ ਦੇ ਬੇਸਮੈਂਟ ਵਿੱਚ ਸਥਿਤ ਹੈ। ਇਸ ਲਾਇਬ੍ਰੇਰੀ ਵਿੱਚ ਯੂਪੀਐਸਸੀ ਦੀ ਤਿਆਰੀ ਕਰ ਰਹੇ ਵਿਦਿਆਰਥੀ ਪੜ੍ਹਦੇ ਸਨ। ਇਸ ਬੇਸਮੈਂਟ ਵਿੱਚ ਪੜ੍ਹਦੇ ਤਿੰਨ ਵਿਦਿਆਰਥੀ ਅਚਾਨਕ ਪਾਣੀ ਵਿੱਚ ਫਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ 'ਚ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਰਾਸ਼ਟਰੀ ਪ੍ਰਵਾਸੀ ਮੰਚ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਤਿੰਨ ਵਿਦਿਆਰਥੀਆਂ ਦੀ ਮੌਤ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ।
ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ:ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਕੋਚਿੰਗ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਉਪਾਅ ਕੀਤੇ ਜਾਣ। ਇਸ ਤੋਂ ਇਲਾਵਾ ਇਸ ਘਟਨਾ ਵਿੱਚ ਮਾਰੇ ਗਏ ਤਿੰਨ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਹੈ ਕਿ ਅਦਾਲਤ ਦਿੱਲੀ ਨਗਰ ਨਿਗਮ ਨੂੰ ਦਿੱਲੀ ਦੇ ਕੋਚਿੰਗ ਇੰਸਟੀਚਿਊਟ 'ਚ ਸੁਰੱਖਿਆ ਦੇ ਪ੍ਰਬੰਧ ਅਤੇ ਸਾਵਧਾਨੀ ਵਰਤਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇ।