ਨਵੀਂ ਦਿੱਲੀ:1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਦਿੱਲੀ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਕਤਲ ਦੇ ਇਲਜ਼ਾਮ ਤੈਅ ਕਰਨ ਦੇ ਹੁਕਮਾਂ ਖਿਲਾਫ ਦਾਇਰ ਪਟੀਸ਼ਨ ’ਤੇ 29 ਨਵੰਬਰ ਨੂੰ ਸੁਣਵਾਈ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਮਨੋਜ ਕੁਮਾਰ ਓਹਰੀ ਦੀ ਬੈਂਚ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ’ਤੇ ਕੋਈ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਹੇਠਲੀ ਅਦਾਲਤ ਵੱਲੋਂ ਇਲਜ਼ਾਮ ਆਇਦ ਕਰਨ ਦਾ ਹੁਕਮ ਗੈਰ-ਕਾਨੂੰਨੀ
ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਨੇ ਕਿਹਾ ਕਿ ਗਵਾਹਾਂ ਦੇ ਬਿਆਨ 12 ਨਵੰਬਰ ਨੂੰ ਹੇਠਲੀ ਅਦਾਲਤ ਵਿੱਚ ਦਰਜ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਲੰਬਿਤ ਇਸ ਪਟੀਸ਼ਨ ਦੇ ਨਿਪਟਾਰੇ ਤੱਕ ਹੇਠਲੀ ਅਦਾਲਤ ਨੂੰ ਕੋਈ ਸੁਣਵਾਈ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਲਖਵਿੰਦਰ ਕੌਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਸ ਦੀ 12 ਨਵੰਬਰ ਨੂੰ ਜਿਰ੍ਹਾ ਹੋਣੀ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਇਲਜ਼ਾਮ ਆਇਦ ਕਰਨ ਦਾ ਹੁਕਮ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕੇ ਪੁਰਾਣੇ ਇਸ ਕੇਸ ਵਿੱਚ ਟਾਈਟਲਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਟਾਈਟਲਰ ਤੋਂ ਇਲਾਵਾ ਕੋਈ ਹੋਰ ਮੁਲਜ਼ਮ ਨਹੀਂ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਕਲੋਜ਼ਰ ਰਿਪੋਰਟ ਵੀ ਦਾਖਲ ਕਰ ਦਿੱਤੀ ਸੀ। ਹੁਣ ਸੀਬੀਆਈ ਉਨ੍ਹਾਂ ਗਵਾਹਾਂ ਦੇ ਬਿਆਨਾਂ 'ਤੇ ਭਰੋਸਾ ਕਰ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਵੀ ਵੱਖ-ਵੱਖ ਬਿਆਨ ਦਿੱਤੇ ਸਨ। ਉਨ੍ਹਾਂ ਕਿਹਾ ਕਿ ਟਾਈਟਲਰ ਖਿਲਾਫ ਕੋਈ ਠੋਸ ਸਬੂਤ ਨਹੀਂ ਹੈ ਜਿਸ ਨਾਲ ਇਲਜ਼ਾਮ ਆਇਦ ਕੀਤੇ ਜਾ ਸਕਣ।