ਨਵੀਂ ਦਿੱਲੀ:ਆਮ ਆਦਮੀ ਪਾਰਟੀ (ਆਪ) ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਦਾ ਵਿਰੋਧ ਕੀਤਾ ਹੈ। ਸ਼ਨੀਵਾਰ ਨੂੰ 'ਆਪ' ਨੇ 'ਵਨ ਨੇਸ਼ਨ ਵਨ ਇਲੈਕਸ਼ਨ' ਲਈ ਬਣਾਈ ਉੱਚ ਪੱਧਰੀ ਕਮੇਟੀ ਨੂੰ ਲਿਖਤੀ ਰੂਪ 'ਚ ਆਪਣਾ ਪੱਖ ਭੇਜਿਆ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ‘ਆਪ’ ਪਾਰਟੀ ਇੱਕ ਦੇਸ਼, ਇੱਕ ਚੋਣ ਦੇ ਵਿਚਾਰ ਦਾ ਸਖ਼ਤ ਵਿਰੋਧ ਕਰਦੀ ਹੈ।
ਦਰਅਸਲ, ‘ਆਪ’ ਨੇ ਉੱਚ ਪੱਧਰੀ ਕਮੇਟੀ ਦੇ ਸਕੱਤਰ ਨਿਤਿਨ ਚੰਦਰਾ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਇੱਕ ਰਾਸ਼ਟਰ ਇੱਕ ਚੋਣ ਸੰਸਦੀ ਲੋਕਤੰਤਰ ਦਾ ਵਿਚਾਰ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਦੇਸ਼ ਦੀ ਸੰਘੀ ਰਾਜਨੀਤੀ ਨੂੰ ਨੁਕਸਾਨ ਪਹੁੰਚਾਏਗਾ। 'ਵਨ ਨੇਸ਼ਨ ਵਨ ਇਲੈਕਸ਼ਨ' ਲਟਕਦੀ ਵਿਧਾਨ ਸਭਾ ਅਤੇ ਲੋਕ ਸਭਾ ਨਾਲ ਨਜਿੱਠਣ ਦੇ ਅਸਮਰੱਥ ਹੈ, ਦਲ-ਬਦਲੀ ਦੀ ਬੁਰਾਈ ਅਤੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਖੁੱਲ੍ਹੇਆਮ ਖਰੀਦ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰੇਗੀ।
ਇੱਕ ਸਮੇਂ ਚੋਣਾਂ ਕਰਵਾ ਕੇ ਖਰਚਾ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਭਾਰਤ ਸਰਕਾਰ ਦੇ ਸਾਲਾਨਾ ਬਜਟ ਦਾ ਸਿਰਫ਼ 0.1 ਫ਼ੀਸਦੀ ਹੈ। ਆਮ ਆਦਮੀ ਪਾਰਟੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਸੌੜੇ ਵਿੱਤੀ ਲਾਭਾਂ ਅਤੇ ਪ੍ਰਸ਼ਾਸਨਿਕ ਸਹੂਲਤਾਂ ਲਈ ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਦੀ ਬਲੀ ਨਹੀਂ ਦਿੱਤੀ ਜਾ ਸਕਦੀ।
ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ 'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ ਬਣੀ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖਿਆ ਸੀ। ਜਿਸ ਵਿੱਚ ਕਾਂਗਰਸ ਦੇ ਪੱਖ ਤੋਂ ਕਿਹਾ ਗਿਆ ਸੀ ਕਿ ਸੰਸਦੀ ਸ਼ਾਸਨ ਪ੍ਰਣਾਲੀ ਨੂੰ ਅਪਣਾਉਣ ਵਾਲੇ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਵਿਚਾਰ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦੀ ਪਾਰਟੀ ਇਸ ਦਾ ਵਿਰੋਧ ਕਰਦੀ ਹੈ। ਇਸ ਪੱਤਰ ਵਿੱਚ ਕਾਂਗਰਸ ਪ੍ਰਧਾਨ ਨੇ ਲਿਖਿਆ ਸੀ ਕਿ ਇੱਕੋ ਸਮੇਂ ਚੋਣਾਂ ਕਰਵਾਉਣ ਦਾ ਵਿਚਾਰ ਸੰਵਿਧਾਨ ਦੇ ਮੂਲ ਢਾਂਚੇ ਦੇ ਖ਼ਿਲਾਫ਼ ਹੈ। ਜੇਕਰ ਨਾਲੋ-ਨਾਲ ਚੋਣਾਂ ਦੀ ਵਿਵਸਥਾ ਨੂੰ ਲਾਗੂ ਕਰਨਾ ਹੈ ਤਾਂ ਸੰਵਿਧਾਨ ਦੇ ਮੂਲ ਢਾਂਚੇ ਵਿੱਚ ਬਦਲਾਅ ਦੀ ਲੋੜ ਪਵੇਗੀ। ਤੁਹਾਨੂੰ ਦੱਸ ਦੇਈਏ ਕਿ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਵਨ ਨੇਸ਼ਨ ਵਨ ਇਲੈਕਸ਼ਨ ਦਾ ਵਿਰੋਧ ਕਰ ਰਹੀਆਂ ਹਨ।