ਹੈਦਰਾਬਾਦ: ਕੁਰਸੀ ਅਤੇ ਸੱਤਾ ਨੂੰ ਹੱਥ 'ਚ ਰੱਖਣ ਅਤੇ ਹਾਸਿਲ ਕਰਨ ਲਈ ਸਿਆਸਤਦਾਨ ਵੀ ਅਕਸਰ ਹੀ ਸਾਮ,ਦਾਮ,ਦੰਡ,ਭੇਦ ਦੀ ਵਰਤੋਂ ਕਰਦੇ ਹਨ। ਅਜਿਹਾ ਹੀ ਵੱਡਾ ਦਾਅ ਹੁਣ ਸ਼੍ਰੋਮਣੀ ਅਕਾਲੀ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਖਬੀਰ ਬਾਦਲ ਦੇ ਖਾਸ ਰਹੇ ਬਲਵਿੰਦਰ ਸਿੰਘ ਭੂੰਦੜ 'ਤੇ ਖੇਡਿਆ।ਸ਼੍ਰੋਮਣੀ ਅਕਾਲੀ ਦਲ ‘ਚ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜ਼ਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।
ਕੌਣ ਨੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ:ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਪਾਰਟੀ ਦਾ ਅੰਦਰੂਨੀ ਕਲੇਸ਼ ਕਾਫੀ ਜ਼ਿਆਦਾ ਵੱਧ ਗਿਆ ਹੈ ਤੇ ਪਾਰਟੀ ਦੀ 30 ਅਗਸਤ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਲਏ ਗਏ ਇਸ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਨੂੰ ਵੀ ਜ਼ਾਹਿਰ ਕੀਤਾ ਹੈ ਕਿ ਪਾਰਟੀ ਵੱਡੇ ਫੈਸਲੇ ਲੈਣ ਲਈ ਤਿਆਰ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਗੀ ਧੜੇ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਹਨ ਤੇ ਉਨ੍ਹਾਂ ਨੂੰ ਸਿਰਫ਼ ਇੱਕ ਮੋਹਰਾ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਅਜੇ ਤੱਕ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਤੇ ਭੂੰਦੜ ਨੂੰ ਕਾਰਜ਼ਕਾਰੀ ਪ੍ਰਧਾਨ ਚੁਣਿਆ ਗਿਆ ਹੈ।
ਬਲਵਿੰਦਰ ਸਿੰਘ ਭੂੰਦੜ ਦਾ ਸਿਆਸੀ ਸਫ਼ਰ
1.ਬਲਵਿੰਦਰ ਸਿੰਘ ਦਾ ਜਨਮ ਮਾਨਸਾ ਜਿਲ੍ਹੇ ‘ਚ ਸਰਦੂਲਗੜ੍ਹ ਦੇ ਪਿੰਡ ਭੂੰਦੜ ‘ਚ ਹੋਇਆ।
2. ਬਲਵਿੰਦਰ ਸਿੰਘ ਭੂੰਦੜ ਸ਼ੁਰੂ ਤੋਂ ਹੀ ਰਾਜਨੀਤੀ ਦੀ ਦੁਨੀਆਂ ‘ਚ ਸਰਗਰਮ ਰਹੇ। ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫ਼ਰ ਸ਼ੁਰੂ ਕੀਤਾ ਅਤੇ 1964 ਤੋਂ ਲੈ ਕੇ 1972 ਤੱਕ ਉਨ੍ਹਾਂ ਨੇ ਸਰਪੰਚੀ ਕੀਤੀ।
3. ਬਲਵਿੰਦਰ ਸਿੰਘ ਭੂੰਦੜ 5 ਵਾਰ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ। ਉਹ ਲਗਾਤਾਰ ਚਾਰ ਵਾਰ 1972-1977, 1977-1980, 1980-1982 ਤੇ 1982-1987 ਵਿੱਚ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ। ਇਸ ਦੌਰਾਨ ਉਹ ਪੰਜਾਬ ਦੇ ਕੈਬਨਿਟ ਮੰਤਰੀ ਵੀ ਬਣੇ।