ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਅਰਜ਼ੀ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਹੁਣ ਕੇਜਰੀਵਾਲ ਹੇਠਲੀਆਂ ਅਦਾਲਤਾਂ ਦਾ ਰੁੱਖ ਕਰਨਗੇ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਸੀ। ਇਸ ਸੁਣਵਾਈ ਦੌਰਾਨ ਈਡੀ ਨੇ ਸੁਪਰੀਮ ਕੋਰਟ ਵਿੱਚ ਆਪਣੀ ਕੈਵੀਏਟ ਪਟੀਸ਼ਨ ਦਾਇਰ ਕੀਤੀ ਸੀ। ਈਡੀ ਨੇ ਕਿਹਾ ਸੀ ਕਿ ਕੋਈ ਵੀ ਫੈਸਲਾ ਦੇਣ ਤੋਂ ਪਹਿਲਾਂ ਸਾਡੀ ਵੀ ਸੁਣਵਾਈ ਹੋਣੀ ਚਾਹੀਦੀ ਹੈ। ਈਡੀ ਦਫ਼ਤਰ ਨੇੜੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਈਡੀ ਸਬੂਤ ਪੇਸ਼ ਕਰਨ ਦਾ ਦਾਅਵਾ ਕਰ ਰਹੀ ਸੀ।
ਸੀਐਮ ਕੇਜਰੀਵਾਲ ਨੇ ਈਡੀ ਦੀ ਕਾਰਵਾਈ ਦੇ ਖਿਲਾਫ SC 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ 'ਤੇ ਸੁਣਵਾਈ ਕਰ ਰਹੀ ਸੀ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਧਵੀ ਨੇ ਸੁਪਰੀਮ ਕੋਰਟ 'ਚ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਜਸਟਿਸ ਸੰਜੀਵ ਖੰਨਾ, ਜਸਟਿਸ ਐਮਐਮ ਸੁੰਦਰੇਸ਼ ਅਤੇ ਜਸਟਿਸ ਬੇਲਾ ਮਾਧੁਰਯਾ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਇਸ ਅਰਜ਼ੀ 'ਤੇ ਤੁਰੰਤ ਸੁਣਵਾਈ ਕਰ ਰਹੀ ਸੀ।
ਦੁਪਹਿਰ 2.30 ਵਜੇ ਅਰਵਿੰਦ ਕੇਜਰੀਵਾਲ ਦੀ ਪੇਸ਼ੀ:ਦੂਜੇ ਪਾਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕੇਜਰੀਵਾਲ ਦੀ ਪੇਸ਼ੀ ਦੁਪਹਿਰ 2.30 ਵਜੇ ਹੋਣੀ ਹੈ। ਈਡੀ ਅੱਜ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਪੇਸ਼ ਕਰੇਗੀ ਅਤੇ 10 ਦਿਨਾਂ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ 'ਚ ਵਿਰੋਧ ਪ੍ਰਦਰਸ਼ਨ ਜਾਰੀ ਹਨ।
ਦੱਸ ਦੇਈਏ ਕਿ 21 ਮਾਰਚ (ਵੀਰਵਾਰ) ਨੂੰ ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ ਤੋਂ ਬਾਅਦ ਈਡੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਅੱਜ ਹੀ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਪੇਸ਼ ਕੀਤਾ ਜਾਵੇਗਾ, ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ।