ਨਵੀਂ ਦਿੱਲੀ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਕ੍ਰਮਵਾਰ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਹਰਿਆਣਾ 'ਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਦੋਵਾਂ ਰਾਜਾਂ ਵਿੱਚ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਅਮਰਨਾਥ ਯਾਤਰਾ ਦੇ ਖਤਮ ਹੋਣ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ: ਚੋਣ ਕਮਿਸ਼ਨ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ 'ਚ 24 ਸੀਟਾਂ, ਦੂਜੇ ਪੜਾਅ 'ਚ 26 ਅਤੇ ਤੀਜੇ ਪੜਾਅ 'ਚ 40 ਸੀਟਾਂ 'ਤੇ ਵੋਟਿੰਗ ਹੋਵੇਗੀ। ਨਾਲ ਹੀ 360 ਮਾਡਲ ਪੋਲਿੰਗ ਬੂਥ ਵੀ ਹੋਣਗੇ। ਇੱਥੇ 11 ਹਜ਼ਾਰ 833 ਪੋਲਿੰਗ ਬੂਥ ਹੋਣਗੇ। ਉਨ੍ਹਾਂ ਕਿਹਾ ਕਿ ਉਹ ਅਮਰਨਾਥ ਯਾਤਰਾ ਦੇ ਖਤਮ ਹੋਣ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ 20 ਅਗਸਤ ਨੂੰ ਜਾਰੀ ਕੀਤੀ ਜਾਵੇਗੀ।
ਪਾਰਟੀਆਂ 'ਚ ਭਾਰੀ ਉਤਸ਼ਾਹ : ਰਾਜੀਵ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਉਨ੍ਹਾਂ ਦੇ ਦੌਰੇ ਦੌਰਾਨ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ 'ਚ ਭਾਰੀ ਉਤਸ਼ਾਹ ਸੀ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਲੰਬੀਆਂ ਕਤਾਰਾਂ ਲੋਕਤੰਤਰ ਦੀ ਤਾਕਤ ਸਨ। ਲੋਕ ਆਪਣੀ ਕਿਸਮਤ ਆਪ ਲਿਖਣਾ ਚਾਹੁੰਦੇ ਸਨ। ਚੋਣ ਕਮਿਸ਼ਨ ਨੇ ਕਿਹਾ ਕਿ ਇਸ ਸਾਲ ਜੰਮੂ-ਕਸ਼ਮੀਰ ਵਿਧਾਨ ਸਭਾ 'ਚ 3 ਸੀਟਾਂ ਦਾ ਵਾਧਾ ਕੀਤਾ ਗਿਆ ਹੈ।
ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ:ਪਿਛਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 87 ਸੀਟਾਂ ਸਨ। ਸਾਲ 2019 'ਚ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ 'ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ।
ਅਥਲੀਟਾਂ ਅਤੇ ਖਿਡਾਰੀਆਂ ਦੀ ਧਰਤੀ 'ਤੇ 2 ਕਰੋੜ 1 ਹਜ਼ਾਰ ਵੋਟਰ :ਹਰਿਆਣਾ ਚੋਣਾਂ ਬਾਰੇ ਗੱਲ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਅਥਲੀਟਾਂ ਅਤੇ ਖਿਡਾਰੀਆਂ ਦੀ ਧਰਤੀ 'ਤੇ 2 ਕਰੋੜ 1 ਹਜ਼ਾਰ ਵੋਟਰ ਹਨ। ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ਲਈ 20 ਹਜ਼ਾਰ 629 ਪੋਲਿੰਗ ਬੂਥ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਥੇ 73 ਜਨਰਲ ਸੀਟਾਂ ਅਤੇ 17 ਐਸਸੀ ਸੀਟਾਂ ਹਨ। ਇਸ ਦੀ ਵੋਟਰ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ।
ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਈਆਂ ਸਨ। ਝਾਰਖੰਡ ਵਿੱਚ ਵੱਖਰੀਆਂ ਚੋਣਾਂ ਹੋਈਆਂ।
ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਹਾਲੀਆ ਦੌਰਿਆਂ ਦਾ ਹਵਾਲਾ: ਰਿਪੋਰਟ ਵਿੱਚ ਚੋਣ ਕਮਿਸ਼ਨ ਦੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਹਾਲੀਆ ਦੌਰਿਆਂ ਦਾ ਹਵਾਲਾ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਦੋ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸ ਐੱਸ ਸੰਧੂ ਸਟੇਕ ਹੋਲਡਰਾਂ ਨੂੰ ਮਿਲਣ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ 8-9 ਅਗਸਤ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਸਨ। ਇਸ ਕੰਮ ਲਈ ਟੀਮ 12-13 ਅਗਸਤ ਨੂੰ ਹਰਿਆਣਾ ਵਿੱਚ ਸੀ।
2019 ਨੂੰ ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ ਵੋਟਿੰਗ : ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਇਸ ਵੇਲੇ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਇੱਥੇ 2019 ਵਿੱਚ ਹੋਈਆਂ ਸਨ। ਇਸ ਦੇ ਨਾਲ ਹੀ, 21 ਅਕਤੂਬਰ 2019 ਨੂੰ ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ। ਝਾਰਖੰਡ ਦੀ ਗੱਲ ਕਰੀਏ ਤਾਂ ਆਖਰੀ ਵਾਰ 2019 'ਚ 81 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਜੇਕਰ ਅਸੀਂ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਇੱਥੇ ਪਿਛਲੀ ਵਾਰ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਸ ਦੇ ਨਾਲ ਹੀ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋਣਗੀਆਂ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ 87 ਵਿਧਾਨ ਸਭਾ ਸੀਟਾਂ ਸਨ। ਇਨ੍ਹਾਂ ਵਿੱਚੋਂ 37 ਜੰਮੂ, 46 ਕਸ਼ਮੀਰ ਘਾਟੀ ਅਤੇ 6 ਲੱਦਾਖ ਵਿੱਚ ਸਨ ਪਰ ਹੱਦਬੰਦੀ ਤੋਂ ਬਾਅਦ ਜੰਮੂ-ਕਸ਼ਮੀਰ ਵਿਧਾਨ ਸਭਾ ਸੀਟਾਂ ਦੀ ਗਿਣਤੀ 90 ਹੋ ਗਈ ਹੈ। ਜਿਨ੍ਹਾਂ 'ਚੋਂ 43 ਸੀਟਾਂ ਜੰਮੂ 'ਚ ਹਨ ਅਤੇ ਕਰੀਬ 47 ਸੀਟਾਂ ਕਸ਼ਮੀਰ 'ਚ ਹਨ।