ਨਵੀਂ ਦਿੱਲੀ :ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਘੁਟਾਲੇ ਦੇ ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਕੇਸ ਵਿੱਚ ਉਸ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਸੀ।
ਇਸ ਤੋਂ ਪਹਿਲਾਂ, 8 ਅਗਸਤ ਨੂੰ ਅਦਾਲਤ ਨੇ ਉਸ ਨੂੰ 20 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੱਸ ਦੇਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ. ਕਵਿਤਾ ਸ਼ਾਮਿਲ ਹੈ। ਇਸ ਵਿੱਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।