ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵੱਲੋਂ ਰੈਗੂਲਰ ਜ਼ਮਾਨਤ 'ਤੇ ਰੋਕ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪਟੀਸ਼ਨ ਦਾਇਰ ਕਰਕੇ ਅਰਵਿੰਦ ਕੇਜਰੀਵਾਲ ਦੇ ਵਕੀਲਾਂ ਨੇ ਅੱਜ (ਸੋਮਵਾਰ) ਸੁਪਰੀਮ ਕੋਰਟ ਤੋਂ ਸੁਣਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਦੀ ਵੈਕੇਸ਼ਨ ਬੈਂਚ ਨੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।
ਅਗਲੇ ਹੀ ਦਿਨ ਈਡੀ ਨੇ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਦੇ ਖਿਲਾਫ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਦਿੱਲੀ ਹਾਈਕੋਰਟ 'ਚ ਕਰੀਬ ਤਿੰਨ ਘੰਟੇ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਹੇਠਲੀ ਅਦਾਲਤ ਵਲੋਂ ਦਿੱਤੇ ਜ਼ਮਾਨਤ ਦੇ ਹੁਕਮ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ, ਜਿਸ ਕਾਰਨ ਕੇਜਰੀਵਾਲ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਹੁਣ ਦੋ ਦਿਨ ਬਾਅਦ ਅਰਵਿੰਦ ਕੇਜਰੀਵਾਲ ਦੇ ਵਕੀਲ ਸੁਪਰੀਮ ਕੋਰਟ ਤੋਂ ਹਾਈਕੋਰਟ ਦੀ ਸਟੇਅ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਕੇਜਰੀਵਾਲ ਦੇ ਵਕੀਲਾਂ ਨੇ ਭਲਕੇ ਸਵੇਰੇ ਸੁਣਵਾਈ ਲਈ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ।
ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਜ਼ਮਾਨਤ 'ਤੇ ਲਗਾ ਦਿੱਤੀ ਸੀ ਰੋਕ :ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ 'ਚ ਅਰਵਿੰਦ ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਪੇਸ਼ ਹੋਏ ਸਨ। ਜਦੋਂ ਕਿ ਐਡੀਸ਼ਨਲ ਸਾਲਿਸਟਰ ਜਨਰਲ (ਏਐਸਜੇ) ਐਸਵੀ ਰਾਜੂ ਈਡੀ ਦੀ ਤਰਫ਼ੋਂ ਪੇਸ਼ ਹੋਏ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਰਾਜੂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਨੀ ਲਾਂਡਰਿੰਗ ਐਕਟ ਦੀ ਧਾਰਾ 50 ਤਹਿਤ ਸਰਕਾਰੀ ਵਕੀਲ ਨੂੰ ਉਚਿਤ ਮੌਕਾ ਦਿੱਤਾ ਜਾਣਾ ਚਾਹੀਦਾ ਹੈ।