ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਕੁਲਗਾਮ ਦੇ ਦੇਵਸਰ ਇਲਾਕੇ 'ਚ ਚੱਲ ਰਿਹਾ ਹੈ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅਰੀਗਾਮ ਪਿੰਡ 'ਚ 2 ਤੋਂ 3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਖ਼ਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ। ਤਾਜ਼ਾ ਜਾਣਕਾਰੀ ਮੁਤਾਬਕ ਕੁਲਗਾਮ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਅਤੇ ਇਕ ਪੁਲਸ ਅਧਿਕਾਰੀ ਜ਼ਖਮੀ ਹੋ ਗਿਆ ਹੈ।
ਸੁਰੱਖਿਆ ਬਲਾਂ ਨੇ ਇਹਤਿਆਤ ਵਜੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸਥਾਨਕ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਆਪਰੇਸ਼ਨ 'ਚ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਸ਼ਾਮਲ ਹਨ। ਪ੍ਰਸ਼ਾਸਨ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਇਸ ਤੋਂ ਪਹਿਲਾਂ ਅਵੰਤੀਪੋਰਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਇਲਾਕੇ 'ਚ ਅੱਤਵਾਦੀਆਂ ਦੀ ਭਰਤੀ ਕਰ ਰਿਹਾ ਹੈ। ਇਸ 'ਚ ਅਜਿਹੇ ਨੌਜਵਾਨ ਵੀ ਸ਼ਾਮਲ ਹਨ ਜੋ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣਾ ਚਾਹੁੰਦੇ ਹਨ ਪਰ ਫੌਜ ਨੇ ਉਨ੍ਹਾਂ ਦੇ ਸਾਰੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਸੰਗਠਨ ਦੇ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਫੌਜ ਨੇ ਉਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਵੀ ਬਰਾਮਦ ਕੀਤੇ ਹਨ।