ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਅੱਜ ਯਾਨੀ ਸ਼ਨੀਵਾਰ 4 ਮਈ ਨੂੰ ਵੱਡਾ ਫੈਸਲਾ ਲੈਂਦੇ ਹੋਏ ਪਿਆਜ਼ ਦੀ ਬਰਾਮਦ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਇਸ ਦਾ ਮਤਲਬ ਹੁਣ ਬਰਾਮਦ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਇਕ ਨਵੀਂ ਸ਼ਰਤ ਜੋੜਦਿਆਂ ਕਿਹਾ ਕਿ ਘੱਟੋ-ਘੱਟ ਬਰਾਮਦ ਮੁੱਲ (ਐੱਮ. ਈ. ਪੀ.) 550 ਡਾਲਰ ਪ੍ਰਤੀ ਟਨ ਤੈਅ ਕੀਤਾ ਗਿਆ ਹੈ। ਮਤਲਬ ਕਿ ਕੋਈ ਵੀ ਬਰਾਮਦਕਾਰ ਇਸ ਨੂੰ 550 ਅਮਰੀਕੀ ਡਾਲਰ ਪ੍ਰਤੀ ਮੀਟ੍ਰਿਕ ਟਨ (ਭਾਵ ਲਗਭਗ 45,800 ਰੁਪਏ ਪ੍ਰਤੀ ਮੀਟ੍ਰਿਕ ਟਨ) ਤੋਂ ਘੱਟ ਦੀ ਦਰ ਨਾਲ ਨਿਰਯਾਤ ਨਹੀਂ ਕਰ ਸਕੇਗਾ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ 40 ਫੀਸਦੀ ਐਕਸਪੋਰਟ ਡਿਊਟੀ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਪਿਛਲੇ ਸਾਲ ਦਸੰਬਰ 'ਚ ਜਦੋਂ ਪਿਆਜ਼ ਦੀ ਕੀਮਤ 70 ਤੋਂ 80 ਰੁਪਏ ਤੱਕ ਪਹੁੰਚ ਗਈ ਸੀ ਤਾਂ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ।