ਹਰਿਆਣਾ:ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ। ਚੋਣਾਂ ਸਬੰਧੀ ਨੋਟੀਫਿਕੇਸ਼ਨ ਅਗਲੇ ਹਫਤੇ 18 ਦਸੰਬਰ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ।
ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਐਚਐਸਜੀਐਮਸੀ ਦੀਆਂ ਚੋਣਾਂ ਜਨਵਰੀ 2025 ਵਿੱਚ ਹੋ ਸਕਦੀਆਂ ਹਨ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸਿੱਖ ਕੌਮ ਦੇ ਆਗੂਆਂ ਨੇ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਆਗੂਆਂ ਨੇ ਆਪੋ-ਆਪਣੇ ਧੜਿਆਂ ਲਈ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਸਿੱਖ ਭਾਈਚਾਰੇ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਚ.ਐਸ ਭੱਲਾ (ਸੇਵਾਮੁਕਤ) ਨਾਲ ਮੀਟਿੰਗ ਕਰਕੇ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ।
ਤਿਆਰੀਆਂ ਵਿੱਚ ਜੁਟੇ ਸਿੱਖ ਆਗੂ
ਸਿੱਖ ਸਮਾਜ ਸੰਸਥਾ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਸੀਂ ਚੋਣ ਲੜਨ ਲਈ ਯੋਗ ਉਮੀਦਵਾਰਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਗੂਆਂ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਨਲਵੀ ਦਾ ਕਹਿਣਾ ਹੈ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਏਗੀ। ਉਨ੍ਹਾਂ ਕਿਹਾ ਕਿ 2014 ਤੋਂ ਕਮੇਟੀ ਨੂੰ ਸਰਕਾਰ ਵੱਲੋਂ ਨਾਮਜ਼ਦ ਕੀਤੇ ਮੈਂਬਰਾਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਕੰਮਕਾਜ ਤਸੱਲੀਬਖਸ਼ ਨਹੀਂ ਰਿਹਾ, ਜਿਸ ਕਾਰਨ ਲੋਕਾਂ ਵਿੱਚ ਵੋਟਾਂ ਪਾਉਣ ਲਈ ਉਤਸ਼ਾਹ ਦੀ ਘਾਟ ਹੈ। ਅਸੀਂ ਸਾਰੇ ਯੋਗ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਆਪਣੀ ਵੋਟ ਪਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।
ਛੇਤੀ ਚੋਣਾਂ ਚਾਹੁੰਦੇ ਸਨ ਸਿੱਖ ਆਗੂ
ਹਰਿਆਣਾ ਸਿੱਖ ਏਕਤਾ ਦਲ ਦੇ ਮੈਂਬਰ ਅਮਰਜੀਤ ਸਿੰਘ ਮੋਹਰੀ, (ਜੋ ਵਫ਼ਦ ਸਮੇਤ ਮੁੱਖ ਮੰਤਰੀ ਨੂੰ ਮਿਲੇ ਸਨ) ਨੇ ਕਿਹਾ, “ਹਰਿਆਣਾ ਸਿੱਖ ਏਕਤਾ ਦਲ ਦਾ ਮੁੱਖ ਉਦੇਸ਼ ਹਰਿਆਣਾ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣਾ ਸੀ, ਜਿਸ ਨੂੰ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ। ਜਨਵਰੀ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪਿਛਲੀ ਐਚਐਸਜੀਐਮਸੀ (ਐਡ-ਹਾਕ) ਦਾ ਕਾਰਜਕਾਲ ਮਈ ਵਿੱਚ ਪੂਰਾ ਹੋ ਗਿਆ ਸੀ ਅਤੇ ਭਾਈਚਾਰੇ ਦੇ ਆਗੂ ਚੋਣਾਂ ਦੀ ਮੰਗ ਕਰ ਰਹੇ ਸਨ। ਪਰ ਸਰਕਾਰ ਨੇ 14 ਅਗਸਤ ਨੂੰ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਾਰੀਆਂ ਜਾਇਦਾਦਾਂ ਦੇ ਪ੍ਰਬੰਧਨ, ਨਿਗਰਾਨੀ ਅਤੇ ਨਿਯੰਤਰਣ ਲਈ ਐਡ-ਹਾਕ ਐਚਐਸਜੀਐਮਸੀ ਦੇ 41 ਮੈਂਬਰੀ ਸਦਨ ਦਾ ਨਾਮ ਦਿੱਤਾ ਸੀ।