ਹਿਸਾਰ: ਚੰਡੀਗੜ੍ਹ ਦੇ ਦੋ ਕਲੱਬਾਂ ਵਿੱਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਐਨਕਾਊਂਟਰ ਤੋਂ ਬਾਅਦ ਹਿਸਾਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ (ਵਿਨੈ ਅਤੇ ਅਜੀਤ) ਨੇ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਕੀਤੇ ਹਨ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਗਿਰੋਹ ਇਸ ਵੇਲੇ ਅਪਰਾਧ ਦੀ ਦੁਨੀਆਂ ਵਿੱਚ ਆਪਣਾ ਟੀਚਾ ਪੂਰਾ ਕਰਨ ਲਈ ਕਾਲਜ ਦੇ ਵਿਦਿਆਰਥੀਆਂ ਨੂੰ ਚੁਣ ਰਿਹਾ ਹੈ।
ਵਿਦੇਸ਼ ਭੇਜਣ ਦੇ ਬਹਾਨੇ ਕਰਵਾ ਰਹੇ ਕਤਲ
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਲੋਕ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਅਤੇ ਲਗਜ਼ਰੀ ਲਾਈਫ ਦੇ ਸੁਪਨੇ ਦਿਖਾਉਂਦੇ ਹਨ। ਉਨ੍ਹਾਂ ਨੂੰ ਪਹਿਲਾਂ ਥੋੜ੍ਹੇ-ਥੋੜ੍ਹੇ ਪੈਸੇ ਦੇ ਕੇ ਜੁਲਮ ਦੀ ਦੁਨੀਆਂ ਵਿਚ ਸ਼ਾਮਲ ਕੀਤਾ ਜਾਂਦਾ ਹੈ ਅਤੇ ਬਾਅਦ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਬਦਨਾਮ ਗੈਂਗਸਟਰ ਗੋਲਡੀ ਬਰਾੜ ਅਤੇ ਪਾਣੀਪਤ ਦੇ ਰਣਦੀਪ ਮਲਿਕ ਹਿਸਾਰ ਦੇ ਆਸਪਾਸ 15 ਨੌਜਵਾਨਾਂ ਦੇ ਸੰਪਰਕ ਵਿੱਚ ਸਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਜਾਅਲੀ ਦਸਤਾਵੇਜ਼ਾਂ 'ਤੇ ਪਾਸਪੋਰਟ ਕੀਤੇ ਜਾਂਦੇ ਹਨ ਤਿਆਰ
ਪੁਲਿਸ ਅਨੁਸਾਰ ਰਣਦੀਪ ਜਾਅਲੀ ਦਸਤਾਵੇਜ਼ ਤਿਆਰ ਕਰਕੇ ਨੌਜਵਾਨਾਂ ਨੂੰ ਵਿਦੇਸ਼ ਭੇਜਦਾ ਹੈ। ਜੀਂਦ ਜੇਲ੍ਹ ਵਿੱਚ ਬੰਦ ਸਾਹਿਲ ਦੇ ਰਣਦੀਪ ਮਲਿਕ ਨਾਲ ਵੀ ਸਬੰਧ ਹਨ। ਫਿਲਹਾਲ ਹਿਸਾਰ ਅਤੇ ਚੰਡੀਗੜ੍ਹ ਪੁਲਿਸ ਦੀ ਟੀਮ ਗ੍ਰਿਫਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ 'ਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਫੜੇ ਗਏ ਦੋ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ।