ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਦਾ ਬਿਗਲ ਅੱਜ ਵੱਜਣ ਵਾਲਾ ਹੈ। ਚੋਣ ਕਮਿਸ਼ਨ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫਰੰਸ ਕਰੇਗਾ, ਜਿਸ ਵਿੱਚ ਉਹ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਅਹਿਮ ਐਲਾਨ ਕਰੇਗਾ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਐਕਸ' 'ਤੇ ਇੱਕ ਵੀਡੀਓ ਪੋਸਟ ਕੀਤਾ ਸੀ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਦਾ ਨਾਂ 'ਮਾਈ ਇੰਡੀਆ, ਮਾਈ ਫੈਮਿਲੀ' ਹੈ।
ਇਸ ਵੀਡੀਓ ਵਿੱਚ ਪੀਐਮ ਮੋਦੀ ਨੇ ਕਿਸਾਨਾਂ ਤੋਂ ਲੈ ਕੇ ਗਰੀਬ ਪਰਿਵਾਰਾਂ ਤੱਕ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਉਜਾਗਰ ਕੀਤਾ ਹੈ। ਦੱਸ ਦੇਈਏ ਕਿ ਲਾਲੂ ਯਾਦਵ ਨੇ ਪੀਐਮ ਮੋਦੀ ‘ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਪੀਐਮ ਦਾ ਕੋਈ ਪਰਿਵਾਰ ਨਹੀਂ ਹੈ। ਇਸ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਪੂਰੇ ਦੇਸ਼ ਨੂੰ ਆਪਣਾ ਪਰਿਵਾਰ ਕਿਹਾ। ਜਦੋਂ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਨੂੰ ਇੱਕ ਪਰਿਵਾਰ ਕਿਹਾ ਤਾਂ ਕਈ ਭਾਜਪਾ ਨੇਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ 'ਤੇ 'ਮੈਂ ਵੀ ਮੋਦੀ ਦਾ ਪਰਿਵਾਰ ਹਾਂ' ਲਿਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀਐਮ ਦਾ ਪੱਤਰ ਸਾਰਿਆਂ ਨਾਲ ਸਾਂਝਾ ਕੀਤਾ। ਇਸ ਪੱਤਰ ਵਿੱਚ ਇਨ੍ਹਾਂ ਨੇਤਾਵਾਂ ਨੇ 'ਵਿਕਸਿਤ ਭਾਰਤ' ਦੇ ਨਿਰਮਾਣ ਲਈ ਉਨ੍ਹਾਂ ਦੇ ਸੁਝਾਅ ਅਤੇ ਸਮਰਥਨ ਮੰਗਿਆ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਉਹ ਮਿਲ ਕੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ।