ਨਵੀਂ ਦਿੱਲੀ:ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਮੁਲਜ਼ਮ ਬੀਆਰਐਸ ਆਗੂ ਕੇ ਕਵਿਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਅੱਜ ਕੇ. ਕਵਿਤਾ ਅਤੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ 29 ਮਈ ਨੂੰ ਅਦਾਲਤ ਨੇ ਕੇ. ਕਵਿਤਾ ਵਿਰੁੱਧ ਦਾਇਰ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਅਦਾਲਤ ਨੇ ਕੇ. ਕਵਿਤਾ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਕੇ ਕਵਿਤਾ ਤੋਂ ਇਲਾਵਾ ਅਦਾਲਤ ਨੇ ਚੰਨਪ੍ਰੀਤ ਸਿੰਘ, ਦਾਮੋਦਰ ਸ਼ਰਮਾ, ਪ੍ਰਿੰਸ ਕੁਮਾਰ ਅਤੇ ਅਰਵਿੰਦ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਸਾਰਿਆਂ ਨੂੰ ਈਡੀ ਨੇ ਆਪਣੀ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਦੋਸ਼ੀ ਠਹਿਰਾਇਆ ਸੀ। 10 ਮਈ ਨੂੰ ਈਡੀ ਨੇ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ 'ਤੇ ਨੋਟਿਸ ਲੈਣ ਦੇ ਮਾਮਲੇ 'ਤੇ 21 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਤੁਹਾਨੂੰ ਦੱਸ ਦਈਏ ਕਿ ਈਡੀ ਨੇ 17 ਮਈ ਨੂੰ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।