ਇਸਲਾਮਾਬਾਦ:ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਨਾਅਰਾ ਲਾਇਆ ਹੈ। ਉਨ੍ਹਾਂ ਨੇ ਭਾਰਤ ਨਾਲ ਗੱਲਬਾਤ ਕਰਨ ਦੀ ਲੋੜ ਨੂੰ ਵੀ ਦੋਹਰਾਇਆ ਹੈ। ਇਹ ਗੱਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਮੁਜ਼ੱਫਰਾਬਾਦ 'ਚ ਕਸ਼ਮੀਰ ਏਕਤਾ ਦਿਵਸ ਦੇ ਮੌਕੇ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੀ ਅਸੈਂਬਲੀ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਹੀਆਂ। ਉਨ੍ਹਾਂ ਕਿਹਾ ਕਿ ਦੇਸ਼ ਕਸ਼ਮੀਰ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦਾ ਹੈ। ਸ਼ਰੀਫ ਨੇ ਕਸ਼ਮੀਰੀ ਲੋਕਾਂ ਪ੍ਰਤੀ ਆਪਣਾ ਸਮਰਥਨ ਵੀ ਜ਼ਾਹਿਰ ਕੀਤਾ। ਦੱਸ ਦਈਏ ਕਿ ਇਸ ਦਿਨ ਹਰ ਸਾਲ ਪਾਕਿਸਤਾਨ ਵੱਲੋਂ ਕਸ਼ਮੀਰੀਆਂ ਪ੍ਰਤੀ ਸਮਰਥਨ ਜ਼ਾਹਿਰ ਕਰਨ ਲਈ ਮਨਾਇਆ ਜਾਂਦਾ ਹੈ। ਪੀਐੱਮ ਸ਼ਾਹਬਾਜ਼ ਨੇ ਕਿਹਾ ਕਿ ਅਸੀਂ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਦਾ ਗੱਲਬਾਤ ਰਾਹੀਂ ਹੱਲ ਚਾਹੁੰਦੇ ਹਾਂ।
ਭਾਰਤੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 5 ਅਗਸਤ 2019 ਦੀ ਸੋਚ ਤੋਂ ਬਾਹਰ ਆ ਕੇ ਸੰਯੁਕਤ ਰਾਸ਼ਟਰ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ ਅਤੇ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਭਾਰਤੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ।
ਗੱਲਬਾਤ ਦਾ ਇੱਕੋ ਇੱਕ ਰਸਤਾ
ਪੀਐਮ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਲਈ ਗੱਲਬਾਤ ਦਾ ਇੱਕੋ ਇੱਕ ਰਸਤਾ ਹੈ। ਉਨ੍ਹਾਂ ਕਿਹਾ ਕਿ ਇਹ 1999 ਦੇ ਲਾਹੌਰ ਐਲਾਨਨਾਮੇ ਵਿੱਚ ਪਹਿਲਾਂ ਹੀ ਲਿਖਿਆ ਗਿਆ ਸੀ ਅਤੇ ਜਿਸ 'ਤੇ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਾਕਿਸਤਾਨ ਫੇਰੀ ਦੌਰਾਨ ਸਹਿਮਤੀ ਬਣੀ ਸੀ। ਭਾਰਤ ਨੇ ਵਾਰ-ਵਾਰ ਕਿਹਾ ਹੈ ਕਿ ਉਹ ਪਾਕਿਸਤਾਨ ਨਾਲ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਵਿਚ ਇਕ ਆਮ ਗੁਆਂਢੀ ਦੇ ਤੌਰ 'ਤੇ ਸਬੰਧ ਚਾਹੁੰਦਾ ਹੈ।