ਨਵੀਂ ਦਿੱਲੀ: ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਕਸਰ ਚਿੱਟੇ ਰੰਗ ਦੀ ਟੀ-ਸ਼ਰਟ 'ਚ ਨਜ਼ਰ ਆਉਂਦੇ ਹਨ। ਹੁਣ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਉਨ੍ਹਾਂ ਐਤਵਾਰ ਨੂੰ ‘ਵਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ ਐਲਾਨ ਕੀਤਾ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਗਰੀਬਾਂ ਤੋਂ ਮੂੰਹ ਮੋੜਨ ਦਾ ਦੋਸ਼ ਲਾਇਆ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਕੇ ਇਸ ਮੁਹਿੰਮ ਦਾ ਐਲਾਨ ਕੀਤਾ। ਲੋਕਾਂ ਨੂੰ ਵੀ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਮੋਦੀ ਸਰਕਾਰ 'ਤੇ ਹਮਲਾ
ਰਾਹੁਲ ਗਾਂਧੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤੀ ਗਈ ਵੀਡੀਓ ਵਿਚ ਕਹਿ ਰਹੇ ਹਨ ਜੇਕਰ ਤੁਸੀਂ ਇਸ ਨੂੰ ਰੱਦ ਕਰਦੇ ਹੋ ਅਤੇ ਸਾਡੇ ਦੇਸ਼ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਕੋਸ਼ਿਸ਼ ਕਰਦੇ ਹੋ, ਤਾਂ ਚਿੱਟੀ ਟੀ-ਸ਼ਰਟ ਪਹਿਨੋ ਅਤੇ ਮੁਹਿੰਮ ਵਿਚ ਸ਼ਾਮਿਲ ਹੋਵੋ। ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਸਾਰਾ ਧਿਆਨ ਕੁਝ ਚੋਣਵੇਂ ਪੂੰਜੀਪਤੀਆਂ ਨੂੰ ਹੋਰ ਖੁਸ਼ਹਾਲ ਬਣਾਉਣ 'ਤੇ ਹੈ।
ਨੌਜਵਾਨਾਂ ਅਤੇ ਮਜ਼ਦੂਰ ਵਰਗ ਨੂੰ ਅਪੀਲ
ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਕਾਰਨ ਅਸਮਾਨਤਾ ਲਗਾਤਾਰ ਵਧ ਰਹੀ ਹੈ। ਦੇਸ਼ ਨੂੰ ਆਪਣੇ ਖੂਨ-ਪਸੀਨੇ ਨਾਲ ਸਿੰਜਣ ਵਾਲੇ ਮਜ਼ਦੂਰਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਬੇਇਨਸਾਫੀਆਂ ਅਤੇ ਜ਼ੁਲਮ ਸਹਿਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਨੂੰ ਇਨਸਾਫ਼ ਅਤੇ ਹੱਕ ਦਿਵਾਉਣ ਲਈ ਆਵਾਜ਼ ਬੁਲੰਦ ਕਰੀਏ। ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ‘ਵਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦੀ ਗੱਲ ਕਹੀ।
ਕਿਉਂ ਸ਼ੁਰੂ ਕੀਤੀ ਗਈ ਮੁਹਿੰਮ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਨੌਜਵਾਨਾਂ ਅਤੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕਰਨ ਲਈ ਮੋਬਾਈਲ ਨੰਬਰ ਅਤੇ ਵੈੱਬਸਾਈਟ ਦਾ ਲਿੰਕ ਵੀ ਸਾਂਝਾ ਕੀਤਾ। 'ਵਾਈਟ ਟੀ-ਸ਼ਰਟ ਮੂਵਮੈਂਟ' ਦੀ ਵੈੱਬਸਾਈਟ ਮੁਤਾਬਕ 'ਵਾਈਟ ਟੀ-ਸ਼ਰਟ' ਪਾਰਟੀ ਦੇ ਪੰਜ ਮਾਰਗਦਰਸ਼ਕ ਸਿਧਾਂਤਾਂ- 'ਦਇਆ, ਏਕਤਾ, ਅਹਿੰਸਾ, ਬਰਾਬਰੀ ਅਤੇ ਸਾਰਿਆਂ ਲਈ ਤਰੱਕੀ' ਦਾ ਪ੍ਰਤੀਕ ਹੈ।