ਨਵੀਂ ਦਿੱਲੀ:-ਮਥੁਰਾ ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਮਾਮਲੇ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਅਦਾਲਤ ਤੋਂ ਜੋ ਸਾਹਮਣੇ ਆਇਆ ਹੈ, ਉਸ ਮੁਤਾਬਿਕ ਸ਼ਾਹੀ ਈਦਗਾਹ ਮਸਜਿਦ ਦੇ ਸਰਵੇ 'ਤੇ ਲੱਗੀ ਰੋਕ ਫਿਲਹਾਲ ਜਾਰੀ ਰਹੇਗੀ। ਹਾਲਾਂਕਿ ਹੁਣ ਇਸ ਮਾਮਲੇ 'ਚ ਸੁਪਰੀਮ ਕੋਰਟ ਤੋਂ ਹਿੰਦੂ ਪੱਖ ਨੂੰ ਰਾਹਤ ਮਿਲੀ ਹੈ।
ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰੱਖਣ ਦਾ ਰਸਤਾ ਸਾਫ਼: ਦਰਅਸਲ, ਮਥੁਰਾ ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਮਾਮਲੇ 'ਚ ਸ਼ਾਹੀ ਈਦਗਾਹ ਮਸਜਿਦ ਕਮੇਟੀ ਨੇ ਸਾਰੀਆਂ ਹੇਠਲੀਆਂ ਅਦਾਲਤਾਂ 'ਚ ਚੱਲ ਰਹੇ 15 ਮਾਮਲਿਆਂ ਨੂੰ ਹਾਈ ਕੋਰਟ 'ਚ ਟਰਾਂਸਫਰ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਮੁਸਲਿਮ ਪੱਖ ਨੇ ਇਸ ਮਾਮਲੇ 'ਚ ਹਾਈ ਕੋਰਟ 'ਚ ਚੱਲ ਰਹੀ ਸੁਣਵਾਈ 'ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਸੀ। ਪਰ, ਮੁਸਲਿਮ ਪੱਖ ਦੀ ਇਸ ਮੰਗ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਅਤੇ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰੱਖਣ ਦਾ ਰਸਤਾ ਸਾਫ਼ ਹੋ ਗਿਆ।
ਮੁਸਲਿਮ ਪੱਖ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ:ਦੱਸ ਦੇਈਏ ਕਿ ਇਲਾਹਾਬਾਦ ਹਾਈਕੋਰਟ ਨੇ ਮਥੁਰਾ ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਮਾਮਲੇ ਵਿੱਚ ਮਥੁਰਾ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਸਾਰੇ ਕੇਸਾਂ ਨੂੰ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਸੀ। ਹਾਈਕੋਰਟ ਨੇ ਉਦੋਂ ਕਿਹਾ ਸੀ ਕਿ ਸਾਰੇ ਮਾਮਲੇ ਇੱਕੋ ਜਿਹੇ ਹਨ ਅਤੇ ਇੱਕੋ ਕਿਸਮ ਦੇ ਸਬੂਤਾਂ ਦੇ ਆਧਾਰ 'ਤੇ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਅਜਿਹੇ 'ਚ ਅਦਾਲਤ ਦਾ ਸਮਾਂ ਬਚਾਉਣ ਲਈ ਜੇਕਰ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਇਕੱਠੇ ਹੋ ਜਾਵੇ ਤਾਂ ਬਿਹਤਰ ਹੋਵੇਗਾ। ਹਾਈ ਕੋਰਟ ਦੇ ਇਸ ਫੈਸਲੇ ਨੂੰ ਮੁਸਲਿਮ ਪੱਖ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।