ਚੰਡੀਗੜ੍ਹ:ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੂਬੇ ਦੀਆਂ ਸਰਹੱਦਾਂ 'ਤੇ ਧਰਨਾ ਲਾਈ ਬੈਠੇ ਹਨ, ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ। ਇਸ ਦੇ ਚੱਲਦੇ ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ
ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਵਰਤ ਤੋੜਨ ਤੇ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।
ਸ਼ੰਭੂ ਸਰਹੱਦ ਖੋਲ੍ਹਣ ਲਈ ਕੇਸ ਦੀ ਸੁਣਵਾਈ
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ 'ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਜਿਸ 'ਚ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।
ਡੱਲੇਵਾਲ ਦਾ ਮਰਨ ਵਰਤ ਤੋੜਨ ਦੀ ਪਟੀਸ਼ਨ
ਦੱਸ ਦਈਏ ਕਿ ਡੱਲੇਵਾਲ ਦੇ ਮਰਨ ਵਰਤ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪਟੀਸ਼ਨ 'ਚ ਕਿਹਾ ਕਿ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ, ਇਸ 'ਤੇ ਅੱਜ ਸੁਣਵਾਈ ਹੋ ਸਕਦੀ ਹੈ। ਉਧਰ ਅੰਬਾਲਾ ਦੇ ਡੀਸੀ ਨੇ ਡੱਲੇਵਾਲ ਦੇ ਮਰਨ ਵਰਤ ਕਾਰਨ ਅੰਬਾਲਾ ਵਿੱਚ ਵਿਗੜ ਰਹੀ ਅਮਨ-ਕਾਨੂੰਨ ’ਤੇ ਚਿੰਤਾ ਪ੍ਰਗਟਾਉਂਦਿਆਂ ਸੰਗਰੂਰ ਦੇ ਡੀਸੀ ਨੂੰ ਪੱਤਰ ਭੇਜਿਆ ਹੈ। ਜਿਸ 'ਚ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਕਿਹਾ ਹੈ।
ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ 18ਵਾਂ ਦਿਨ
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 18ਵਾਂ ਦਿਨ ਹੈ ਅਤੇ ਡੱਲੇਵਾਲ ਕੈਂਸਰ ਦੇ ਮਰੀਜ਼ ਹਨ। ਹਾਲਾਂਕਿ, ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਕਿਹਾ ਗਿਆ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਭਾਰ 12 ਕਿਲੋ ਦੇ ਕਰੀਬ ਘੱਟ ਗਿਆ ਹੈ ਅਤੇ ਕਿਡਨੀ ਖਰਾਬ ਹੋਣ ਦਾ ਵੀ ਖਤਰਾ ਹੈ। ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵੀ ਲਗਾਤਾਰ ਘੱਟ ਰਹੀ ਹੈ।(ਇਨਪੁਟ ਦੇ ਨਾਲ)