ਗੁਜਰਾਤ/ਸੂਰਤ:ਗੁਜਰਾਤ ਦੇ ਸੂਰਤ ਵਿੱਚ ਸ਼ਨੀਵਾਰ ਨੂੰ ਇੱਕ ਛੇ ਮੰਜ਼ਿਲਾ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਹਾਦਸੇ 'ਚ ਕਰੀਬ 15 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਫਿਲਹਾਲ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।
ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਮਾਰਤ ਦੇ ਡਿੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਰਸਾਤ ਕਾਰਨ ਖਸਤਾਹਾਲ ਇਮਾਰਤ ਢਹਿ ਗਈ।
ਮਲਬੇ ਹੇਠ ਕਰੀਬ 10 ਲੋਕ ਦੱਬੇ ਹੋਣ ਦਾ ਖਦਸਾ: ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। NDRF ਦੀ ਟੀਮ ਵੀ ਬਚਾਅ ਕਾਰਜ 'ਚ ਲੱਗੀ ਹੋਈ ਹੈ। ਬਚਾਅ ਕਾਰਜ 'ਚ ਲੱਗੇ ਇਕ ਅਧਿਕਾਰੀ ਮੁਤਾਬਿਕ ਕਰੀਬ 10 ਲੋਕ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਮਲਬੇ 'ਚੋਂ ਇਕ ਔਰਤ ਨੂੰ ਬਾਹਰ ਕੱਢਿਆ ਗਿਆ ਹੈ। ਮੌਕੇ 'ਤੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।
ਮੀਡੀਆ ਰਿਪੋਰਟਾਂ ਮੁਤਾਬਿਕ ਇਮਾਰਤ ਦੀ ਹਾਲਤ ਖਸਤਾ ਹੋਣ ਕਾਰਨ ਸੂਰਤ ਮੈਟਰੋਪੋਲੀਟਨ ਮਿਉਂਸਪੈਲਿਟੀ ਨੇ ਇਸ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਸੀ। ਇਮਾਰਤ ਵਿਚ ਰਹਿੰਦੇ ਜ਼ਿਆਦਾਤਰ ਲੋਕਾਂ ਨੇ ਇਸ ਨੂੰ ਖਾਲੀ ਕਰ ਦਿੱਤਾ ਸੀ ਪਰ 5 ਤੋਂ 6 ਪਰਿਵਾਰ ਅਜੇ ਵੀ ਉਥੇ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦਾ ਮਾਲਕ ਵਿਦੇਸ਼ ਰਹਿੰਦਾ ਹੈ।