ਹੈਦਰਾਬਾਦ: ਤੇਲੰਗਾਨਾ ਪੁਲਿਸ ਨੇ ਜ਼ਮੀਨ ਵਿਵਾਦ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਅਤੇ ਬੀਆਰਐੱਸ ਪ੍ਰਧਾਨ ਕੇ. ਚੰਦਰਸ਼ੇਖਰ ਰਾਓ ਦੇ ਭਤੀਜੇ ਕਲਵਕੁੰਤਲਾ ਕੰਨਾ ਰਾਓ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਕੰਨਾ ਰਾਓ 'ਤੇ ਰੰਗਰੇਡੀ ਜ਼ਿਲ੍ਹੇ ਦੇ ਇਬਰਾਹਿਮਪਟਨਮ ਇਲਾਕੇ 'ਚ ਦੋ ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਹੈ।
ਕੰਨਾ ਰਾਓ ਦੇਸ਼ ਤੋਂ ਬਾਹਰ ਸੀ। ਪੁਲਿਸ ਨੇ ਉਸ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਇਸ ਦੌਰਾਨ ਉਸ ਨੇ ਦੋ ਵਾਰ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਹਾਲ ਹੀ 'ਚ ਉਹ ਵਿਦੇਸ਼ ਤੋਂ ਵਾਪਸ ਆਇਆ ਸੀ। ਪੁਲਿਸ ਨੇ ਮੰਗਲਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਉਹ ਕੰਨਾ ਰਾਓ ਨੂੰ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕਰੇਗੀ।
ਦੱਸਿਆ ਜਾਂਦਾ ਹੈ ਕਿ ਓਐਸਆਰ ਪ੍ਰੋਜੈਕਟ ਐਲਐਲਪੀ ਕੰਪਨੀ ਕੋਲ ਮੰਨੇਗੁੜਾ ਵਿੱਚ ਕਰੀਬ ਦੋ ਏਕੜ ਜ਼ਮੀਨ ਹੈ। ਪੀੜਤ ਬੀ. ਸ੍ਰੀਨਿਵਾਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਕੰਨਾ ਰਾਓ ਨੇ ਪਿਛਲੇ ਮਹੀਨੇ ਉਸਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ ਜ਼ਮੀਨ 'ਤੇ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਮਾਰ ਦੇਵੇਗਾ। ਕੇਸ ਦਰਜ ਹੋਣ ਦੇ ਬਾਵਜੂਦ ਕੰਨਾ ਰਾਓ ਨੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।
ਕਲਵਕੁੰਤਲਾ ਕੰਨਾ ਰਾਓ ਅਤੇ ਕੁਝ ਹੋਰ ਮੁਲਜ਼ਮਾਂ ਨੇ ਓ.ਐਲ.ਆਰ ਕੰਪਨੀ ਦੇ ਕਰਮਚਾਰੀਆਂ ਨੂੰ ਵੀ ਧਮਕੀ ਦਿੱਤੀ ਸੀ ਕਿਉਂਕਿ ਉਹ ਉਸ ਜ਼ਮੀਨ 'ਤੇ ਇਕ ਕੰਟੇਨਰ ਵਿਚ ਰਹਿ ਰਹੇ ਸਨ। ਇਸ ਤੋਂ ਬਾਅਦ ਓਐਲਆਰ ਕੰਪਨੀ ਦੇ ਮੁਲਾਜ਼ਮਾਂ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਹੋਰ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਇਸ ਮਾਮਲੇ 'ਚ 38 ਲੋਕਾਂ ਨੂੰ ਮੁਲਜ਼ਮ ਬਣਾ ਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।