ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਹਾਈ ਕੋਰਟ ਨੇ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੇ ਕਤਲ ਮਾਮਲੇ ਵਿੱਚ ਚਾਰ ਦੋਸ਼ੀਆਂ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਜ਼ਾ ਨੂੰ ਚੁਣੌਤੀ ਦੇਣ ਵਾਲੇ ਦੋਸ਼ੀਆਂ ਦੀ ਅਪੀਲ 'ਤੇ ਫੈਸਲਾ ਹੋਣ ਤੱਕ ਸਜ਼ਾ ਮੁਅੱਤਲ ਰਹੇਗੀ। ਜਸਟਿਸ ਸੁਰੇਸ਼ ਕੈਤ ਦੀ ਅਗਵਾਈ ਵਾਲੇ ਬੈਂਚ ਨੇ ਜਿਨ੍ਹਾਂ ਦੋਸ਼ੀਆਂ ਦੀ ਸਜ਼ਾ ਨੂੰ ਮੁਅੱਤਲ ਕੀਤਾ ਹੈ, ਉਨ੍ਹਾਂ ਵਿੱਚ ਰਵੀ ਕਪੂਰ, ਅਮਿਤ ਸ਼ੁਕਲਾ, ਅਜੇ ਕੁਮਾਰ ਅਤੇ ਬਲਜੀਤ ਮਲਿਕ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਚਾਰੇ ਦੋਸ਼ੀ ਕਰੀਬ 14 ਸਾਲਾਂ ਤੋਂ ਜੇਲ੍ਹ ਵਿੱਚ ਹਨ, ਇਸ ਲਈ ਉਨ੍ਹਾਂ ਦੀ ਸਜ਼ਾ ਮੁਅੱਤਲ ਕੀਤੀ ਜਾਂਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਸਾਕੇਤ ਕੋਰਟ ਨੇ 25 ਨਵੰਬਰ 2023 ਨੂੰ ਸੌਮਿਆ ਵਿਸ਼ਵਨਾਥਨ ਦੇ ਕਤਲ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਉਮਰ ਕੈਦ ਅਤੇ ਇੱਕ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਰਵੀ ਕਪੂਰ, ਅਮਿਤ ਸ਼ੁਕਲਾ, ਬਲਬੀਰ ਮਲਿਕ ਅਤੇ ਅਜੇ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਅਦਾਲਤ ਨੇ ਚਾਰਾਂ ਨੂੰ ਕਤਲ ਦੇ ਦੋਸ਼ ਵਿਚ 25,000 ਰੁਪਏ ਅਤੇ ਮਕੋਕਾ ਲਈ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਇਸ ਤੋਂ ਇਲਾਵਾ ਅਦਾਲਤ ਨੇ ਅਜੇ ਸੇਠੀ ਨੂੰ ਤਿੰਨ ਸਾਲ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।