ਨਵੀਂ ਦਿੱਲੀ/ਚੰਡੀਗੜ੍ਹ: ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰਾਂ ਕਰ ਰਹੀਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੋਵਾਂ ਪਹਿਲਵਾਨਾਂ ਅਤੇ ਰਾਹੁਲ ਗਾਂਧੀ ਵਿਚਾਲੇ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰ 'ਚ ਪਹਿਲਵਾਨ ਬਜਰੰਗ ਪੂਨੀਆ ਅਤੇ ਪਹਿਲਵਾਨ ਵਿਨੇਸ਼ ਫੋਗਾਟ ਰਾਹੁਲ ਗਾਂਧੀ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵਿਨੇਸ਼ ਅਤੇ ਬਜਰੰਗ ਨੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ।
ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਕਾਂਗਰਸ 'ਚ ਸ਼ਾਮਲ ਹੋਣਗੇ? ਰਾਹੁਲ ਗਾਂਧੀ ਨਾਲ ਦੋਵਾਂ ਪਹਿਲਵਾਨਾਂ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ 'ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਦੀ ਟਿਕਟ 'ਤੇ ਹਰਿਆਣਾ ਵਿਧਾਨ ਸਭਾ ਚੋਣ ਲੜ ਸਕਦੇ ਹਨ। ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਸਕਦੇ ਹਨ।