ਨਵੀਂ ਦਿੱਲੀ:ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਸਰਕਾਰੀ ਕਰਮਚਾਰੀਆਂ ਲਈ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ 2026 ਤੱਕ ਆਪਣੀ ਰਿਪੋਰਟ ਸੌਂਪੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ 16 ਜਨਵਰੀ ਨੂੰ ਇਹ ਐਲਾਨ ਕੀਤਾ। 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਣ ਦੀ ਉਮੀਦ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇਣ ਦਾ ਐਲਾਨ ਬਜਟ 2025 ਦੇ ਐਲਾਨਾਂ ਤੋਂ ਕੁਝ ਦਿਨ ਪਹਿਲਾਂ ਹੋਇਆ ਹੈ। ਅਸ਼ਵਨੀ ਵੈਸ਼ਨਵ ਨੇ ਪੁਸ਼ਟੀ ਕੀਤੀ ਹੈ ਕਿ ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਪਰ ਇਸ ਦੇ ਲਾਗੂ ਹੋਣ ਦੀ ਸਹੀ ਮਿਤੀ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਕੈਬਨਿਟ ਮੀਟਿੰਗ ਵਿੱਚ ਲਿਆ ਫੈਸਲਾ
ਅਸ਼ਵਨੀ ਵੈਸ਼ਨਵ ਨੇ ਐਲਾਨ ਕਰਦੇ ਹੋਏ ਕਿਹਾ ਕਿ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। 7ਵੇਂ ਤਨਖਾਹ ਕਮਿਸ਼ਨ ਦਾ ਗਠਨ 2016 ਵਿੱਚ ਕੀਤਾ ਗਿਆ ਸੀ ਅਤੇ ਇਸ ਦਾ ਕਾਰਜਕਾਲ 2026 ਵਿੱਚ ਖਤਮ ਹੋਵੇਗਾ। 7ਵੇਂ ਤਨਖਾਹ ਕਮਿਸ਼ਨ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਸੋਧਣ ਲਈ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ।