ਮੁੰਬਈ: 14 ਅਪ੍ਰੈਲ ਨੂੰ ਮੁੰਬਈ 'ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਦੋ ਅਣਪਛਾਤੇ ਹਮਲਾਵਰਾਂ ਨੇ ਐਤਵਾਰ ਸਵੇਰੇ 5 ਵਜੇ (ਸਥਾਨਕ ਸਮੇਂ ਅਨੁਸਾਰ) ਹਵਾ ਵਿੱਚ ਪੰਜ ਰਾਉਂਡ ਫਾਇਰ ਕੀਤੇ। ਗੋਲੀਬਾਰੀ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਭੱਜਣ ਵਾਲੇ ਦੋ ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਹੁਣ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸੁਪਰਸਟਾਰ ਨਾਲ ਗੱਲ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੀਐਮ ਏਕਨਾਥ ਸ਼ਿੰਦੇ ਨੇ ਐਤਵਾਰ ਨੂੰ ਸਲਮਾਨ ਖਾਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਸ਼ਿੰਦੇ ਨੇ ਇਸ ਮੁੱਦੇ 'ਤੇ ਮੁੰਬਈ ਪੁਲਿਸ ਕਮਿਸ਼ਨਰ ਨਾਲ ਵੀ ਚਰਚਾ ਕੀਤੀ ਹੈ, ਜਿਸ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾਉਣ ਦਾ ਸੁਝਾਅ ਦਿੱਤਾ ਗਿਆ ਸੀ। ਇਸ ਦੌਰਾਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ਼ੁਰੂਆਤੀ ਮੀਡੀਆ ਰਿਪੋਰਟਾਂ ਮੁਤਾਬਕ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਸੁਪਰਸਟਾਰ ਸਲਮਾਨ ਖਾਨ ਦੀ ਗਲੈਕਸੀ ਦੇ ਬਾਹਰੀ ਹਿੱਸੇ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਏ। ਇਕ ਨਿਊਜ਼ ਏਜੰਸੀ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਲੋਕਾਂ ਨੇ ਬਾਂਦਰਾ 'ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ। ਪਹਿਲਾਂ ਪੁਲਿਸ ਨੂੰ 3 ਰਾਊਂਡ ਫਾਇਰਿੰਗ ਦੀ ਸੂਚਨਾ ਮਿਲੀ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ 5 ਰਾਊਂਡ ਫਾਇਰ ਕੀਤੇ ਗਏ ਹਨ। ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ।
ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮੁੰਬਈ ਪੁਲਿਸ ਦੋਸ਼ੀਆਂ ਨੂੰ ਫੜਨ ਲਈ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਹਾਲ ਹੀ ਵਿੱਚ, ਪੁਲਿਸ ਨੂੰ ਇੱਕ ਸੀਸੀਟੀਵੀ ਫੁਟੇਜ ਮਿਲੀ ਹੈ, ਜਿਸ ਵਿੱਚ ਇੱਕ ਬਾਈਕ 'ਤੇ ਹੈਲਮੇਟ ਪਹਿਨੇ ਦੋ ਵਿਅਕਤੀ ਸੜਕ ਦੇ ਕਿਨਾਰੇ ਤੋਂ ਤੇਜ਼ੀ ਨਾਲ ਜਾਂਦੇ ਹੋਏ ਦਿਖਾਈ ਦੇ ਰਹੇ ਹਨ।