ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ NCP ਨੇਤਾ ਬਾਬਾ ਸਿੱਦੀਕੀ ਦੀ ਸ਼ਨੀਵਾਰ ਦੇਰ ਰਾਤ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਅਪਾਰਟਮੈਂਟ ਦੇ ਬਾਹਰ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਗਲੈਕਸੀ ਦੇ ਬਾਹਰੋਂ ਕੁਝ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ 'ਸੁਲਤਾਨ' ਅਦਾਕਾਰ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਸੁਰੱਖਿਆ ਕਰਮਚਾਰੀ ਨਜ਼ਰ ਆ ਰਹੇ ਹਨ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਅਜੀਤ ਪਵਾਰ ਧੜੇ ਦੇ ਆਗੂ ਸਿੱਦੀਕੀ ਨੂੰ ਬਾਂਦਰਾ ਦੇ ਨਿਰਮਲ ਨਗਰ ਨੇੜੇ ਗੋਲੀ ਮਾਰ ਦਿੱਤੀ ਗਈ। ਨੇਤਾ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਲਮਾਨ ਸ਼ਨੀਵਾਰ ਦੇਰ ਰਾਤ ਲੀਲਾਵਤੀ ਹਸਪਤਾਲ ਪਹੁੰਚੇ ਅਤੇ ਸਿੱਦੀਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਬਾਬਾ ਸਿੱਦੀਕੀ ਦੇ ਕਤਲ ਤੋਂ ਅਗਲੇ ਦਿਨ ਹੀ ਕਾਤਲ ਦਾ ਨਾਂ ਸਾਹਮਣੇ ਆਇਆ ਹੈ। IANS ਦੇ ਅਨੁਸਾਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਸੋਸ਼ਲ ਮੀਡੀਆ 'ਤੇ NCP ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਮੁੰਬਈ ਪੁਲਿਸ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।