ਹੈਦਰਾਬਾਦ: ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਸੁਰੱਖਿਆ ਦੀ ਲੋੜ ਹੈ, ਤਾਂ ਉਹ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਲੈ ਸਕਦੇ ਹਨ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਗਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਕਹੀ ਸੀ ਅਤੇ ਇਸਦੇ ਨਾਲ ਹੀ ਵਕੀਲ ਨੇ ਕਿਹਾ ਸੀ ਕਿ ਜੇਕਰ ਅਜਿਹਾ ਨਹੀਂ ਹੁੰਦਾ, ਤਾਂ ਉਨ੍ਹਾਂ ਖਿਲਾਫ਼ ਪੀ.ਆਈ.ਐਲ ਪਾਈ ਜਾਵੇਗੀ।
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਇਸ ਤੋਂ ਬਾਅਦ ਪੁਲਿਸ ਨੇ ਇਹ ਕਦਮ ਚੁੱਕਿਆ ਹੈ ਅਤੇ ਗਾਇਕਾਂ ਦੀ ਸੁਰੱਖਿਆ ਨੂੰ ਘੱਟ ਕਰ ਦਿੱਤਾ ਹੈ। ਇਸਦੇ ਨਾਲ ਹੀ, ਫੈਸਲਾ ਕੀਤਾ ਹੈ ਕਿ ਉਨ੍ਹਾਂ ਗਾਇਕਾਂ ਨੂੰ ਹੀ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਗੈਂਗਸਟਰਾਂ ਤੋਂ ਖਤਰਾ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ 'ਚ ਕਟੌਤੀ ਕਰਨ ਤੋਂ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ।