ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਬੁੱਧਵਾਰ, ੨੮ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੧੩ ਨਵੰਬਰ, ੨੦੨੪ (ਅੰਗ: ੬੩੭)
28 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - HUKAMNAMA FROM SACHKHAND
'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।
Published : Nov 13, 2024, 6:32 AM IST
ਪੰਜਾਬੀ ਵਿਆਖਿਆ: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
English Translation: SORAT’H, THIRD MEHL, FIRST HOUSE, TI-TUKAS: ONE UNIVERSAL CREATOR GOD. BY THE GRACE OF THE TRUE GURU: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 || Wednesday, 28th Katak (Samvat 556 Nanakshahi) 13th November, 2024 (Page: 637)