ਪੰਜਾਬ

punjab

ETV Bharat / hukamnama

30 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 12 May 2024
ਅੱਜ ਦਾ ਹੁਕਮਨਾਮਾ (ETV BHARAT)

By ETV Bharat Punjabi Team

Published : May 12, 2024, 6:14 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥ ਐਤਵਾਰ, ੩੦ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੨ ਮਈ, ੨੦੨੪ (ਅੰਗ: ੭੨੦)

ਅੱਜ ਦਾ ਹੁਕਮਨਾਮਾ (ETV BHARAT)


ਪੰਜਾਬੀ ਵਿਆਖਿਆ :ਬੈਰਾੜੀ ਮਹਲਾ ੪ ॥ ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ । ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧। ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details