ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਐਤਵਾਰ, ੬ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੯ ਮਈ, ੨੦੨੪ (ਅੰਗ: ੬੯੬)
6 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama - DAILY HUKAMNAMA
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
Published : May 19, 2024, 6:21 AM IST
ਪੰਜਾਬੀ ਵਿਆਖਿਆ:ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਚੱਲੀ ਗੋਲੀ, ਮੁੱਖ ਚੋਣ ਅਧਿਕਾਰੀ ਨੇ ਡੀਜੀਪੀ ਤੋਂ ਮੰਗੀ ਰਿਪੋਰਟ - Firing out of Gurjit Aujla rally
- ਕਿਸਾਨਾਂ ਨੂੰ ਬੁਰਾ-ਭਲਾ ਬੋਲਣ ਤੋਂ ਬਾਅਦ ਆਪਣੀਆਂ ਗੱਲਾਂ ਨੂੰ ਸਹੀ ਠਹਿਰਾਉਂਦੇ ਨਜ਼ਰ ਆਏ ਹੰਸ ਰਾਜ ਹੰਸ, ਬੋਲੇ- ਮੇਰਾ ਹੀ ਵਿਰੋਧ... - Big statement of Hans Raj Hans
- ਹੈਦਰਾਬਾਦ 'ਚ ਭਾਰੀ ਮੀਂਹ, ਕਈ ਸੜਕਾਂ ਝੀਲਾਂ 'ਚ ਬਦਲੀਆਂ, SRH Vs PBKS ਮੈਚ 'ਤੇ ਛਾ ਗਏ ਸੰਕਟ ਦੇ ਕਾਲੇ ਬੱਦਲ! - Hyderabad Weather Update