ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਸੋਮਵਾਰ, ੭ ਜੇਠ (ਸੰਮਤ ੫੫੬ ਨਾਨਕਸ਼ਾਹੀ) ੨੦ ਮਈ, ੨੦੨੪ (ਅੰਗ: ੬੫੨)
7 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama - DAILY HUKAMNAMA
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
Published : May 20, 2024, 6:31 AM IST
ਪੰਜਾਬੀ ਵਿਆਖਿਆ:ਸਲੋਕੁ ਮਃ ੪ ॥ (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- ਕਾਂਗਰਸ ਦੇ ਨੇਤਾ ਪਵਨ ਖੇੜਾ ਨੇ ਦੇ ਦਿੱਤਾ ਅਜੀਬੋ-ਗਰੀਬ ਬਿਆਨ, ਕਹਿੰਦੇ- ਮੋਦੀ ਹੈ ਕਾਂਗਰਸ ਦਾ ਸਟਾਰ ਪ੍ਰਚਾਰਕ? ਜਾਣੋ ਅੱਗੇ ਦਾ ਵੱਡਾ ਰਾਜ਼... - Lok Sabha Elections 2024
- ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਕਿਸ ਦਾ ਚੱਲੇਗਾ ਬੱਲਾ, 4 ਜੂਨ ਨੂੰ ਕਿਸ ਦੇ ਘਰ ਵੱਜਣਗੇ ਢੋਲ ਤੇ ਪੈਣਗੇ ਭੰਗੜੇ, ਪੜ੍ਹੋ ਈਟੀਵੀ ਦੀ ਖਾਸ ਰਿਪੋਰਟ... - Big fight punjab 13 lok sabha seats
- ਹਰਸਿਮਰਤ ਕੌਰ ਨੇ ਦੇ ਦਿੱਤਾ ਅਜਿਹਾ ਬਿਆਨ, ਜਿਸ ਨਾਲ ਪੰਜਾਬ 'ਚ ਗਰਮਾਈ ਸਿਆਸਤ, ਵੀਡੀਓ 'ਚ ਸੁਣੋ ਤਾਂ ਜਰਾ ਕੀ ਕਿਹਾ... - arsimrat Kaur Badal statement