ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਸੋਮਵਾਰ, ੨੩ ਮਾਘ (ਸੰਮਤ ੫੫੫ ਨਾਨਕਸ਼ਾਹੀ) ੫ ਫਰਵਰੀ, ੨੦੨੪ (ਅੰਗ: ੮੧੯)
23 ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
Published : Feb 5, 2024, 6:19 AM IST
ਪੰਜਾਬੀ ਵਿਆਖਿਆ :ਬਿਲਾਵਲੁ ਮਹਲਾ ੫ ॥ ਹੇ ਭਾਈ! ਪਰਮਾਤਮਾ ਸਭ ਤੋਂ ਵੑਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵੑਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ