ਪੰਜਾਬ

punjab

ETV Bharat / hukamnama

26 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 8 June 2024
ਅੱਜ ਦਾ ਹੁਕਮਨਾਮਾ (ETV BHARAT)

By ETV Bharat Punjabi Team

Published : Jun 8, 2024, 6:28 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਸ਼ਨਿਚਰਵਾਰ, ੨੬ ਜੇਠ (ਸੰਮਤ ੫੫੬ ਨਾਨਕਸ਼ਾਹੀ) ੮ ਜੂਨ, ੨੦੨੪ (ਅੰਗ: ੫੦੮)

ਅੱਜ ਦਾ ਹੁਕਮਨਾਮਾ (ETV BHARAT)

ਪੰਜਾਬੀ ਵਿਆਖਿਆ :ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details