ਵਾਸ਼ਿੰਗਟਨ:ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਦਾਇਰ ਸਮੀਖਿਆ ਪਟੀਸ਼ਨ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਭਾਰਤ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਮਲੇ 'ਚ ਲੋੜੀਂਦੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ।
ਜਾਣਕਾਰੀ ਮੁਤਾਬਕ ਰਾਣਾ ਦੀ ਭਾਰਤ ਹਵਾਲਗੀ ਨਾ ਹੋਣ ਦਾ ਇਹ ਆਖਰੀ ਕਾਨੂੰਨੀ ਮੌਕਾ ਸੀ। ਦੱਸ ਦੇਈਏ ਕਿ ਭਾਰਤ ਲੰਬੇ ਸਮੇਂ ਤੋਂ ਉਸ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ। ਹੁਣ ਉਹ ਦਿਨ ਦੂਰ ਨਹੀਂ ਜਦੋਂ ਉਹ ਭਾਰਤ ਦੀ ਪਕੜ ਵਿਚ ਆ ਜਾਵੇਗਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੇ ਕਾਰਜਕਾਲ ਦੌਰਾਨ ਕਈ ਵਾਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਸੀ। 2008 ਵਿੱਚ ਮੁੰਬਈ ਹਮਲਿਆਂ ਵਿੱਚ 166 ਤੋਂ ਵੱਧ ਨਿਰਦੋਸ਼ ਲੋਕ ਮਾਰੇ ਗਏ ਸਨ। ਇਹ ਹਮਲਾ 60 ਘੰਟੇ ਤੱਕ ਚੱਲਿਆ। ਤਹੱਵੁਰ ਰਾਣਾ ਨੇ ਭੱਜਣ ਦੀ ਹਰ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋਇਆ। ਉਸ ਨੇ ਅਮਰੀਕੀ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਸੀ ਪਰ ਉੱਥੇ ਵੀ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।