ਨਵੀਂ ਦਿੱਲੀ:ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਅਤੇ ਪੰਜਾਬ ਤੋਂ ਪਾਰਟੀ ਦੇ ਲਗਭਗ ਸਾਰੇ ਪ੍ਰਮੁੱਖ ਆਗੂਆਂ ਦੇ ਨਾਂ ਸ਼ਾਮਲ ਹਨ। ਹਾਲਾਂਕਿ, ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦਾ ਨਾਂ ਨਹੀਂ ਹੈ। ਹਮੇਸ਼ਾ ਦੀ ਤਰ੍ਹਾਂ ਪਾਰਟੀ ਵੱਲੋਂ ਜਾਰੀ 40 ਪ੍ਰਚਾਰਕਾਂ ਦੀ ਸੂਚੀ ਵਿੱਚ ਸਭ ਤੋਂ ਪਹਿਲਾ ਨਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਹੈ। ਸੁਨੀਤਾ ਕੇਜਰੀਵਾਲ ਦਾ ਨਾਂ ਨੌਵੇਂ ਨੰਬਰ 'ਤੇ ਸ਼ਾਮਲ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਸਿੱਖਿਆ ਸ਼ਾਸਤਰੀ ਅਵਧ ਓਝਾ ਦਾ ਨਾਂ ਵੀ 40ਵੇਂ ਨੰਬਰ ’ਤੇ ਸ਼ਾਮਲ ਹੈ।
ਹਰਭਜਨ ਸਿੰਘ ਦੇ ਨਾਮ ਦੀ ਵੀ ਰਹੀ ਚਰਚਾ
ਬਾਕੀ ਨਾਵਾਂ ਵਿੱਚੋਂ ਪਾਰਟੀ ਨੇ ਦਿੱਲੀ ਅਤੇ ਪੰਜਾਬ ਸਰਕਾਰਾਂ ਵਿੱਚ ਸ਼ਾਮਲ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਨਾਵਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ। ਇਸ ਤੋਂ ਪਹਿਲਾਂ, ਜੂਨ ਮਹੀਨੇ ਵਿੱਚ ਹੋਈਆਂ ਲੋਕ ਸਭਾ ਚੋਣਾਂ ਅਤੇ ਫਿਰ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਹਰਭਜਨ ਸਿੰਘ ਦੇ ਨਾਮ ਦੀ ਕਾਫੀ ਚਰਚਾ ਸੀ। ਹਰਭਜਨ ਸਿੰਘ ਪਾਰਟੀ ਦੇ ਰਾਜ ਸਭਾ ਮੈਂਬਰ ਹੋਣ ਦੇ ਬਾਵਜੂਦ ਚੋਣ ਪ੍ਰਚਾਰ ਵਿੱਚ ਘੱਟ ਨਜ਼ਰ ਆਏ, ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ।
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਪਿਛਲੇ ਕੁਝ ਮਹੀਨਿਆਂ ਤੋਂ ਅਲੱਗ-ਥਲੱਗ ਪਈ ਹੈ। ਦਿੱਲੀ ਸਥਿਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਬਦਸਲੂਕੀ ਅਤੇ ਕੁੱਟਮਾਰ ਦੀ ਘਟਨਾ ਤੋਂ ਬਾਅਦ ਇਹ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ।