ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਵੋਟਿੰਗ ਹੋਈ ਸੀ ਅਤੇ ਹੁਣ 23 ਨਵੰਬਰ ਨੂੰ ਇਸ ਦੇ ਨਤੀਜੇ ਐਲਾਨੇ ਜਾਣੇ ਹਨ। ਪੰਜਾਬ ਦੇ ਜੇਕਰ ਵਿਧਾਨ ਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਵਿੱਚ ਬਰਨਾਲਾ,ਗਿੱਦੜਬਾਹਾ,ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਿਲ ਹਨ,ਜਿਨ੍ਹਾਂ ਵਿੱਚ ਇਹ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।
ਗਿੱਦੜਬਾਹਾ ਬਣੀ ਹੋਟ ਸੀਟ
4 ਜ਼ਿਮਨੀ ਚੋਣ ਦੇ ਹਲਕਿਆਂ ਵਿੱਚੋਂ ਸਭ ਤੋਂ ਜ਼ਿਆਦਾ ਵੋਟਿੰਗ ਗਿੱਦੜਬਾਹਾ ਵਿੱਚ ਹੋਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ,ਭਾਜਪਾ ਵੱਲੋਂ ਮਨਪ੍ਰੀਤ ਬਾਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ ਨੇ ਇਸ ਹਲਕੇ ਤੋਂ ਚੋਣ ਲੜੀ ਹੈ। ਇਹ ਚੋਣ ਹਲਕਾ ਹਾਟ ਸੀਟ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅੰਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇੱਥੇ ਵਿਧਾਨ ਸਭਾ ਸੀਟ ਖਾਲੀ ਹੋਈ ਸੀ।
ਬਰਨਾਲਾ 'ਚ ਜ਼ਬਰਦਸਤ ਮੁਕਾਬਲਾ
ਵਿਧਾਨ ਸਭਾ ਹਲਕਾ ਬਰਨਾਲਾ ਦੀ ਜੇ ਗੱਲ ਕਰੀਏ ਤਾਂ ਇੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ ਮੁਕਾਬਲਾ ਰਹਿਣ ਦੇ ਅਸਾਰ ਹਨ। ਜਦਕਿ ਭਾਰਤੀ ਜਨਤਾ ਪਾਰਟੀ ਵੀ ਇਸ ਵਾਰ ਪੂਰੇ ਦਮ ਨਾਲ ਚੋਣ ਲੜਦੀ ਦਿਖਾਈ ਦਿੱਤੀ। ਉੱਥੇ ਹੀ ਆਮ ਆਦਮੀ ਪਾਰਟੀ ਦੇ ਬਾਗੀ ਗੁਰਦੀਪ ਸਿੰਘ ਬਾਠ ਨੇ ਅਜ਼ਾਦ ਚੋਣ ਲੜ ਕੇ ਇਸ ਚੋਣ ਨੂੰ ਦਿਲਚਸਪ ਬਣਾ ਦਿੱਤਾ, ਜਿਸ ਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਹੋ ਸਕਦਾ ਹੈ। ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਪਾਰਟੀ ਵੱਲੋਂ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਗੁਰਦੀਪ ਬਾਠ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੋਬਿੰਦ ਸਿੰਘ ਵੀ ਚੰਗੀ ਵੋਟ ਲੈ ਸਕਦੇ ਹਨ। ਮੀਤ ਹੇਅਰ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ
ਚੱਬੇਵਾਲ ਜ਼ਿਮਨੀ ਚੋਣ
ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਵੀ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਚ ਸ਼ਾਮਲ ਹੈ, ਇਸ ਸੀਟ 'ਤੇ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਇਸ਼ਾਨ ਚੱਬੇਵਾਲ, ਭਾਜਪਾ ਵੱਲੋਂ ਸੋਹਣ ਸਿੰਘ ਠੱਡਲ ਅਤੇ ਕਾਂਗਰਸ ਵੱਲੋਂ ਰਣਜੀਤ ਕੁਮਾਰ ਚੋਣ ਮੈਦਾਨ ਵਿੱਚ ਹਨ।
ਡੇਰਾ ਬਾਬਾ ਨਾਨਕ ਸੀਟ
ਇਸ ਵਿਧਾਨ ਸਭਾ ਹਲਕੇ ਵਿੱਚ ਜਤਿੰਦਰ ਕੌਰ ਕਾਂਗਰਸ ਦੀ ਉਮੀਦਵਾਰ ਹੈ। ਉਹ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਹੈ। ਜਦਕਿ ਗੁਰਦੀਪ ਸਿੰਘ ਰੰਧਾਵਾ AAP ਦੇ ਉਮੀਦਵਾਰ ਹਨ। ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਦੇ ਪਿਤਾ ਵਿਧਾਨ ਸਭਾ ਸਪੀਕਰ ਰਹਿ ਚੁੱਕੇ ਹਨ।