ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਅਜਾਇਬ ਘਰ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਜੀ ਹੰਭੋ, ਬੱਬਰ ਸਰਦਾਰ ਜਰਨੈਲ ਸਿੰਘ ਕਾਲਰਾ, ਸਿੱਖ ਇਤਿਹਾਸਕਾਰ ਸਵਰਨ ਸਿੰਘ ਜੀ ਚੂਸਲੇਵੜ੍ਹ, ਗਿਆਨੀ ਦਲੀਪ ਸਿੰਘ ਜੀ ਕਥਾਵਾਚਕ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੰਤ ਬਾਬਾ ਚੰਦਾ ਸਿੰਘ ਜੀ ਮਹੰਤ, ਸੰਤ ਗਿਆਨੀ ਜੰਗ ਸਿੰਘ ਰਾਗੀ ਸਮੇਤ ਅੱਠ ਮਹਾਨ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।
ਅਜਾਇਬ ਘਰ ਵਿੱਚ 8 ਹੋਰ ਤਸਵੀਰਾਂ ਸੁਸ਼ੋਭਿਤ:ਅੱਜ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਹੋਰ ਕਈ ਐਸਜੀਪੀਸੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਮਹਾਨ ਸ਼ਖ਼ਸੀਅਤਾਂ ਦੇ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਅਜਾਇਬ ਘਰ ਵਿੱਚ ਉਨ੍ਹਾਂ ਮਹਾਨ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੇ ਸਿੱਖ ਕੌਮ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਲਈ ਚੰਗੇ ਕੰਮ ਕੀਤੇ ਹੋਣ। ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਬੀਰ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਮਹਾਨ ਲੋਕ ਹੁੰਦੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਇਸ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ।