ਚੰਡੀਗੜ੍ਹ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।
ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ:ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।