ਨਰਮਾ ਬਿਜਾਈ 'ਚ ਕਿਸਾਨਾਂ ਦੀ ਮਦਦ ਕਰਨਗੇ ਮਾਹਿਰ (Etv Bharat (ਪੱਤਰਕਾਰ, ਬਠਿੰਡਾ)) ਬਠਿੰਡਾ:ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮਾ ਪੱਟੀ ਨੂੰ ਮੁੜ ਬਹਾਲ ਕਰਨ ਲਈ ਖੇਤੀਬਾੜੀ ਵਿਭਾਗ ਪੱਬਾਂ ਭਾਰ ਨਜ਼ਰ ਆ ਰਿਹਾ ਹੈ। ਪਿਛਲੇ ਕਈ ਦਹਾਕਿਆਂ ਤੋਂ ਗੁਲਾਬੀ ਸੁੰਡੀ ਦੇ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਨਰਮਾ ਪੱਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਕਿਸਾਨਾਂ ਵੱਲੋਂ ਹੌਲੀ ਹੌਲੀ ਨਰਮੇ ਦੀ ਫ਼ਸਲ ਤੋਂ ਕਿਨਾਰਾ ਕਰ ਲਿਆ ਗਿਆ ਅਤੇ ਨਰਮੇ ਦੇ ਬਦਲ ਵਜੋਂ ਝੋਨੇ ਦੀ ਫਸਲ ਲਾਉਣੀ ਸ਼ੁਰੂ ਕਰ ਦਿੱਤੀ ਗਈ ਜਿਸ ਕਾਰਨ ਨਰਮੇ ਹੇਠਲਾ ਰਕਬਾ ਤੇਜ਼ੀ ਨਾਲ ਘੱਟ ਰਿਹਾ, ਪਰ ਹੁਣ ਖੇਤੀਬਾੜੀ ਵਿਭਾਗ ਵੱਲੋਂ ਇਸ ਸਾਲ ਨਰਮੇ ਹੇਠ ਰਕਬਾ ਵਧਾਉਣ ਲਈ ਅਗੇਤੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਰੱਦ ਕੀਤੀਆਂ ਖੇਤੀਬਾੜੀ ਮਾਹਿਰਾਂ ਦੀਆਂ ਛੁੱਟੀਆਂ:ਪਿੰਡ ਪਿੰਡ ਜਾ ਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਕੈਂਪਾਂ ਰਾਹੀਂ ਨਰਮੇ ਦੇ ਬੀਜ ਅਤੇ ਕੀਟਨਾਸ਼ਕਾਂ ਸਬੰਧੀ ਜਾਣਕਾਰੀ ਉਪਲਬਧ ਕਰਵਾਈ ਜਾ ਰਹੀ ਹੈ, ਤਾਂ ਜੋ ਨਰਮੇ ਹੇਠ ਰਕਵਾ ਵਧਾਇਆ ਜਾ ਸਕੇ। ਇਸ ਦੇ ਚੱਲਦੇ ਹੀ, ਖੇਤੀਬਾੜੀ ਵਿਭਾਗ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਨਰਮੇ ਹੇਠਾਂ ਘੱਟ ਰਿਹਾ ਰਕਬਾ (Etv Bharat (ਪੱਤਰਕਾਰ, ਬਠਿੰਡਾ)) ਰਕਬਾ ਘਟਿਆ: ਜੇਕਰ ਨਰਮਾ ਪੱਟੀ ਦੀ ਗੱਲ ਕੀਤੀ ਜਾਵੇ, ਤਾਂ ਸਾਲ 1990 ਵਿੱਚ ਨਰਮੇ ਹੇਠ ਪੰਜਾਬ ਵਿੱਚ 7 ਲੱਖ ਹੈਕਟੇਅਰ ਤੋਂ ਵੱਧ ਸੀ। ਇਹ ਰਕਬਾ ਹੌਲੀ-ਹੌਲੀ ਸੁੰਗੜ ਕੇ ਅੱਜ ਦੀ ਤਰੀਕ ਤੱਕ ਕਰੀਬ 1.8 ਲੱਖ ਹੈਕਟੇਅਰ ਤੱਕ ਰਹਿ ਗਿਆ ਹੈ। ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਖੇਤੀਬਾੜੀ ਵਿਭਾਗ ਵੱਲੋਂ ਸਾਲ 2023-24 ਨਰਮੇ ਹੇਠ ਰਕਬਾ ਵਧਾਉਣ ਵੱਡੀ ਪੱਧਰ ਉੱਤੇ ਤਿਆਰੀਆਂ ਆਰੰਭੀਆਂ ਗਈਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਕਾਮਯਾਬ ਅਤੇ ਵੱਧ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕੀਤਾ ਜਾ ਰਿਹਾ ਹੈ। ਨਰਮੇ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਿਲਾ ਨੂੰ ਸੁਣੀਆਂ ਜਾ ਰਹੀਆਂ ਹਨ।
ਮੁੱਖ ਅਫ਼ਸਰ, ਖੇਤੀਬਾੜੀ ਵਿਭਾਗ (Etv Bharat (ਪੱਤਰਕਾਰ, ਬਠਿੰਡਾ)) ਅਧਿਕਾਰੀਆਂ/ਕਰਮਚਾਰੀਆਂ ਨੂੰ ਫੀਲਡ 'ਚ ਰਹਿਣ ਦੇ ਨਿਰਦੇਸ਼:ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਨਰਮੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਛੋਰ ਵੀ ਝਾੜ ਕੇ ਰੱਖੇ ਗਏ ਹਨ। ਉਨ੍ਹਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਹੈ, ਤਾਂ ਜੋ ਨਰਮੇ ਦੀ ਫਸਲ ਨੂੰ ਕਾਮਯਾਬ ਕੀਤਾ ਜਾਵੇ। ਡਾਕਟਰ ਕਰਨਜੀਤ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਸਮੂਹ ਫੀਲਡ ਸਟਾਫ ਦੀਆਂ ਨਰਮੇਂ ਦੀ ਬਿਜਾਈ ਮੁਕੰਮਲ ਹੋਣ ਤੱਕ ਛੁੱਟੀਆਂ (ਸ਼ਨੀਵਾਰ ਅਤੇ ਐਤਵਾਰ) ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਫੀਲਡ ਵਿੱਚ ਰਹਿਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਤਾਂ ਜੋ ਕਿਸਾਨਾਂ ਨਾਲ ਵੱਧ ਤੋਂ ਵੱਧ ਤਾਲਮੇਲ ਕਰਕੇ ਵੱਧ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਵਾਈ ਜਾਵੇ।
ਕਿਸਾਨਾਂ ਨੂੰ ਖਾਸ ਅਪੀਲ: ਕਰਨਜੀਤ ਸਿੰਘ ਨੇ ਦੱਸਿਆ ਗਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਲਗਭਗ 10,700 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਇਸ ਸਮੇਂ ਨਹਿਰੀ ਪਾਣੀ ਦੀ ਸਪਲਾਈ ਨਾਰਮਲ ਚੱਲ ਰਹੀ ਹੈ। ਇਸ ਲਈ ਕਿਸਾਨ ਵੀਰ ਵੱਧ ਤੋਂ ਵੱਧ ਰਕਬੇ ਵਿੱਚ ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਸ਼ਾਂ ਕੀਤੀਆਂ ਨਰਮੇ ਦੀਆਂ ਕਿਸਮਾਂ ਦੀ ਸਮੇਂ ਸਿਰ ਬਿਜਾਈ ਕਰਨ, ਤਾਂ ਜੋ ਉਹਨਾਂ ਨੂੰ ਫਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਹੋ ਸਕੇ।