ਅੰਮ੍ਰਿਤਸਰ:ਦੇਸ਼ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਵੀ ਹੁਣ ਇਸ ਦਾ ਅਸਰ ਨਜ਼ਰ ਆਉਣਾ ਸ਼ੁਰੂ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਆਪਣਾ ਦਫਤਰ ਖੋਲ੍ਹਿਆ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਅੰਮ੍ਰਿਤਸਰ ਦੇ ਵਿਧਾਇਕਾਂ ਦੇ ਨਾਲ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੁੱਖ ਤੌਰ 'ਤੇ ਪਹੁੰਚੇ। ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਗਿਆ ਕਿ ਪੰਜਾਬ ਵਿੱਚ 13 ਦੀਆਂ 13 ਸੀਟਾਂ ਜਿੱਤ ਕੇ ਉਹ ਅਰਵਿੰਦ ਕੇਜਰੀਵਾਲ ਦੇ ਝੋਲੀ ਵਿੱਚ ਪਾਉਣਗੇ। ਉਹਨਾਂ ਨੇ ਕਿਹਾ ਕਿ ਜਦੋਂ ਵੀ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋਵੇਗੀ ਤੇ ਜਿਸ ਨੂੰ ਵੀ ਉਮੀਦਵਾਰ ਬਣਾਇਆ ਜਾਵੇਗਾ, ਉਸ ਨੂੰ ਜਿਤਾਉਣ ਵਾਸਤੇ ਆਮ ਆਦਮੀ ਪਾਰਟੀ ਪੂਰਾ ਜ਼ੋਰ ਲਗਾ ਦੇਵੇਗੀ।
ਆਮ ਆਦਮੀ ਪਾਰਟੀ ਨੇ ਖਿੱਚੀ ਲੋਕ ਸਭਾ ਚੋਣਾਂ ਦੀ ਤਿਆਰੀ, ਅੰਮ੍ਰਿਤਸਰ 'ਚ ਖੋਲ੍ਹਿਆ ਆਪਣਾ ਪਾਰਟੀ ਦਫ਼ਤਰ - ਇੰਡੀਆ ਗਠਜੋੜ
ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦੇ ਪਾਰਟੀ ਵਲੋਂ ਅੰਮ੍ਰਿਤਸਰ 'ਚ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ 13 ਦੀਆਂ 13 ਸੀਟਾਂ 'ਤੇ ਹੀ ਜਿੱਤ ਦਰਜ ਕਰੇਗੀ।
Published : Feb 25, 2024, 2:12 PM IST
13 ਸੀਟਾਂ 'ਤੇ ਕੀਤਾ ਜਿੱਤ ਦਾ ਦਾਅਵਾ:ਇਸ ਦੇ ਨਾਲ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਲਦ ਹੀ ਇੱਕ ਮਾਝੇ ਜੋਨ ਦਾ ਦਫਤਰ ਵੀ ਦਿਹਾਤੀ ਦਫਤਰ ਦੇ ਲਾਗੇ ਅੰਮ੍ਰਿਤਸਰ ਵਿੱਚ ਖੋਲ੍ਹਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਹੋਣ ਤੋਂ ਬਾਅਦ ਉਹਨਾਂ ਦਾ ਹੱਲ ਕੀਤਾ ਜਾ ਸਕੇ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਹੁਣ ਸ਼ੁਰੂ ਹੋ ਚੁੱਕੀ ਹੈ ਅਤੇ ਜਦੋਂ ਵੀ ਇਸਦਾ ਰਸਮੀ ਐਲਾਨ ਹੋਵੇਗਾ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਵਾਸਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਲ ਨਾਲ ਵੱਡੇ ਲੀਡਰ ਸਾਰੇ ਇੱਕਜੁੱਟ ਹੋ ਕੇ ਜਿਤਾਉਣ ਦੀ ਕੋਸ਼ਿਸ਼ ਕਰਨਗੇ।
ਕਿਸਾਨਾਂ ਦੇ ਹੱਕ 'ਚ ਬੋਲੇ ਧਾਲੀਵਾਲ:ਉੱਥੇ ਹੀ ਮੰਤਰੀ ਧਾਲੀਵਾਲ ਨੇ ਬੋਲਦਿਆਂ ਕਿਹਾ ਕਿ ਜੋ ਹਰਿਆਣੇ ਦੇ ਬਾਰਡਰ 'ਤੇ ਬੈਠੇ ਹੋਏ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ, ਉਸ ਨੂੰ ਜਲਦ ਤੋਂ ਜਲਦ ਕੇਂਦਰ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸਰਕਾਰ ਵਲੋਂ ਜੋ ਕਿਸਾਨਾਂ ਨਾਲ ਵਤੀਰਾ ਕੀਤਾ ਗਿਆ ਹੈ, ਅਸੀਂ ਉਸ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਉਹਨਾਂ ਨੇ ਕਿਹਾ ਕਿ ਐੱਮਐੱਸਪੀ ਅਤੇ ਹੋਰ ਜੋ ਕਿਸਾਨਾਂ ਦੀਆਂ ਮੰਗਾਂ ਹਨ, ਉਹ ਸਭ ਦਰੁਸਤ ਹਨ ਤੇ ਇੰਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ।