ਚੰਡੀਗੜ੍ਹ : ਬਲਾਤਕਾਰ ਅਤੇ ਕਤਲ ਮਾਮਲੇ 'ਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਣ ਵਾਲੀਆਂ ਹਨ। ਦਰਅਸਲ ਡੇਰਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਿਥੇ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ 'ਚ ਰਾਮ ਰਹੀਮ ਖਿਲਾਫ 3 ਮਾਮਲਿਆਂ 'ਚ ਚੱਲ ਰਹੀ ਜਾਂਚ ਜਾਰੀ ਰਹੇਗੀ। ਇਸ ਸਾਲ ਮਾਰਚ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਉਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਤੇ ਹੁਣ ਮੁੜ ਸੁਪਰੀਮ ਕੋਰਟ ਦਾ ਫੈਸਲਾ ਆਇਆ ਹੈ। ਜਿਸ ਨਾਲ ਰਾਮ ਰਹੀਮ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰੱਖਣ ਦਾ ਰਾਹ ਪੱਧਰਾ ਹੋ ਗਿਆ ਹੈ।
ਰਾਮ ਰਹੀਮ ਨੂੰ ਨੋਟਿਸ ਜਾਰੀ
ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਨਿਰਦੇਸ਼ ਸਿੱਖ ਧਰਮ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀਆਂ ਕੋਸ਼ਿਸ਼ਾਂ ਨੂੰ ਮੁੜ ਸੁਰਜੀਤ ਕਰਦਾ ਹੈ। ਇਨ੍ਹਾਂ ਘਟਨਾਵਾਂ ਦੀ ਲੜੀ ਨੇ ਪੰਜਾਬ ਭਰ ਵਿੱਚ ਖਾਸ ਕਰਕੇ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਖੇਤਰ ਵਿੱਚ, ਜਿੱਥੇ ਇਹ ਘਟਨਾਵਾਂ ਵਾਪਰੀਆਂ ਸਨ, ਕਾਫ਼ੀ ਬੇਚੈਨੀ ਅਤੇ ਵਿਆਪਕ ਰੋਸ ਪੈਦਾ ਕਰ ਦਿੱਤਾ ਸੀ।
ਇਸ ਮਾਮਲੇ 'ਚ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਸਿੱਟਾ ਕੱਢਿਆ ਗਿਆ ਹੈ ਕਿ 6 ਸਤੰਬਰ ਦਾ ਨੋਟੀਫਿਕੇਸ਼ਨ ਕਾਨੂੰਨ ਮੁਤਾਬਕ ਸਹੀ ਹੈ।