ਚੰਡੀਗੜ੍ਹ/ ਅੰਮ੍ਰਿਤਸਰ:ਮਾੜੇ ਅਨਸਰਾਂ ਖ਼ਿਲਾਫ ਕਾਰਵਾਈ ਕਰਦਿਆਂ ਬੀਐਸਐਫ ਨੇ ਪਾਕਿਸਤਾਨ ਸਰਹੱਦ ’ਤੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ ਹਾਸਿਲ ਕੀਤੀ ਗਈ ਹੈ,ਜਿਸ ਤਹਿਤ SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 6 ਕਿਲੋਗ੍ਰਾਮ ਹੈਰੋਇਨ, 67 ਜਿੰਦਾ ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਪਿੱਛੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਭਾਰਤ-ਪਾਕਿਸਤਾਨ ਸਰਹੱਦ ਤੋਂ 6 ਕਿੱਲੋ ਹੈਰੋਇਨ ਬਰਾਮਦ
ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾਈ । ਇਸ ਵਿੱਚ ਡੀਜੀਪੀ ਲਿਖਦੇ ਹਨ ਕਿ ਸੂਤਰਾਂ ਦੇ ਹਵਾਲੇ ਤੋਂ ਕਾਊਂਟਰ ਇੰਟੈਲੀਜੈਂਸ ਨੂੰ ਸੂਹ ਮਿਲੀ ਸੀ, ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਤਸਕਰੀ ਕਰਨ ਵਾਲਾ ਮੁਲਜ਼ਮ ਇਕਬਾਲ ਸਿੰਘ ਆਪਣਾ ਬੈਗ ਸੁੱਟ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਜਦੋਂ ਉਕਤ ਬੈਗ਼ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਮੌਕੇ ਤੋਂ 6 ਕਿਲੋ ਹੈਰੋਇਨ ਸਮੇਤ 30 ਬੋਰ ਦੇ 67 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਟੁੱਟਿਆ ਹੋਇਆ ਆਈਫੋਨ ਅਤੇ ਜੀਓ ਡੌਂਗਲ ਬਰਾਮਦ ਕੀਤਾ ਗਿਆ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਉੱਤੇ ਨਸ਼ੀਲੇ ਪਦਾਰਥ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁਕੇ ਹਨ ਜਦੋਂ ਭਾਰਤ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਉੱਤੇ ਇੰਝ ਨਸ਼ੀਲੇ ਪਦਾਰਥ ਪਾਏ ਜਾਂਦੇ ਹਨ। ਅਜਿਹਾ ਹੀ ਮਾਮਲਾ ਅਸਗਤ ਮਹੀਨੇ ਵਿੱਚ ਵੀ ਸਾਹਮਣੇ ਆਇਆ ਸੀ ਜਦੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਤਸਕਰਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪੰਜਾਬ ਪੁਲਿਸ ਦੀ ਲਗਾਤਰ ਚੱਲ ਰਹੀ ਮੁਹਿੰਮ ਨੂੰ ਇਹ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।