ਸੰਗਰੂਰ/ਬਠਿੰਡਾ:ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਹੋਰ ਤੇਜ਼ ਕਰਨ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਮਤਲਬ ਅੱਜ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਹਿਫਤਾਰ (ETV Bharat) ਰਾਹ 'ਚ ਡੱਕੇ ਕਿਸਾਨ
ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਬਠਿੰਡਾ ਅਤੇ ਬਰਨਾਲਾ ਜ਼ਿਲ੍ਹੇ ਦੀ ਹੱਦ ਪਿੰਡ ਜੇਠੂਕੇ ਵਿਖੇ ਸੜਕ ਰੋਕਣ ਦੀ ਕੋਸ਼ਿਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਦਰਸ਼ਨਕਾਰੀਆਂ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸ ਦੇਈਏ ਕਿ ਕਿਸਾਨ ਖਨੌਰੀ ਬਾਰਡਰ ਵੱਲ ਕੂਚ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਪੁਲਿਸ ਨੇ ਰਾਹ ਦੇ ਵਿੱਚ ਹੀ ਡੱਕ ਲਿਆ। ਇਸ ਤੋਂ ਮਗਰੋਂ ਵਿਰੋਧ ਵਿੱਚ ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਔਰਤਾਂ ਅਤੇ ਮਰਦਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਕਿਸਾਨ ਆਗੂਆਂ ਦਾ ਇਲਜ਼ਾਮ ਹੈ ਕਿ ਪੁਲਿਸ ਉਨ੍ਹਾਂ ਨੂੰ ਧੱਕੇ ਨਾਲ ਅੱਗੇ ਵਧਣ ਤੋਂ ਰੋਕ ਰਹੀ ਹੈ।
ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਹਿਫਤਾਰ (ETV Bharat) ਬੈਰੀਕੇਡਿੰਗ ਵਾਲੀ ਥਾਂ 'ਤੇ ਹੀ ਧਰਨਾ ਪ੍ਰਦਰਸ਼ਨ
ਕਿਸਾਨਾਂ ਨੂੰ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਜੇਠੂਕੇ ਵਿਖੇ ਬੈਰੀਕੇਡਿੰਗ ਲਾ ਕੇ ਪੁਲਿਸ ਨੇ ਰੋਕਿਆ ਹੈ। ਕਿਸਾਨ ਆਗੂਆਂ ਦਾ ਇਹ ਐਲਾਨ ਹੈ ਕਿ ਜੇਕਰ ਅੱਗੇ ਵਧਣ ਤੋਂ ਰੋਕਿਆ ਤਾਂ ਬੈਰੀਕੇਡਿੰਗ ਵਾਲੀ ਥਾਂ 'ਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੁਣ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫਲਿਆਂ ਦਾ ਖਨੌਰੀ ਅਤੇ ਸ਼ੰਬੂ ਬਾਰਡਰ 'ਤੇ ਪਹੁੰਚਣ ਦੀ ਵੀ ਸੰਭਾਵਨਾ ਹੈ।
ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਹਿਫਤਾਰ (ETV Bharat) ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ
ਮੀਡੀਆ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਸੀ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਪਿੰਡ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਆਖਿਆ ਸੀ ਕਿ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ਉੱਤੇ ਹੀ ਰੱਖੀ ਜਾਵੇਗੀ, ਜਦੋਂ ਤੱਕ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ।
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਅੱਜ ਸਵੇਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਆਗੂਆਂ ਨੇ ਬਾਅਦ ਵਿੱਚ ਦੱਸਿਆ ਕਿ ਡੱਲੇਵਾਲ ਨੂੰ ਡੀਐੱਮਸੀ ਹਸਪਤਾਲ ਲੁਧਿਆਣਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਪੁਲਿਸ ਨੇ ਡੀਐਮਸੀ ਹਸਪਤਾਲ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਡੇ ਜਨਰਲ ਸਕੱਤਰ ਅਤੇ ਹੋਰ ਮੰਚਾਂ ਦੇ ਆਗੂ 11 ਵਜੇ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੇ।