ਚੰਡੀਗੜ੍ਹ/ਅਬੋਹਰ:ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਵਿੱਤੀ ਸਹਾਇਤਾ ਵੀ ਮੁਹੱਈਆ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ, ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ, ਮੱਛੀ ਪਾਲਕਾਂ ਦੀ ਸਹਾਇਤਾ ਲਈ ਸੂਬੇ ਵਿੱਚ ਇੱਕ ਝੀਂਗਾ ਟ੍ਰੇਨਿੰਗ ਸੈਂਟਰ, 11 ਫੀਡ ਮਿੱਲਾਂ ਅਤੇ 7 ਲੈਬਾਰਟਰੀਆਂ ਵੀ ਕਾਰਜਸ਼ੀਲ ਹਨ। ਉਨਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 431 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 23 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਸਿੰਚਾਈ ਸਹੂਲਤਾਂ: ਅਬੋਹਰ ਦੀ ਪੰਜਾਬ ਐਗਰੋ ਦੇ ਫੂਡ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਨੂੰ ਵਧਾਉਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਮਿਰਚ ਦਾ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਦੇ ਬਜਟ ਵਿੱਚ ਐਲਾਨ ਕੀਤਾ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਮਾਲਵਾ ਨਹਿਰ ਦੇ ਨਿਰਮਾਣ ਜਿਸ ਨਾਲ 178000 ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਵੀ ਸਿੰਚਾਈ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਏਗਾ ਸਗੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਵੀ ਰੋਕੇਗਾ, ਜਿਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇਗੀ।