ਲਗਾਤਾਰ ਚੌਥੀ ਵਾਰ ਸੰਸਦ ਵਿੱਚ ਗੂੰਜੇਗੀ ਹਰਸਿਮਰਤ ਬਾਦਲ ਦੀ ਆਵਾਜ਼ (Etv Bharat (ਰਿਪੋਰਟ - ਪੱਤਰਕਾਰ, ਬਠਿੰਡਾ)) ਬਠਿੰਡਾ: ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨੀ ਜਾਣ ਵਾਲੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਚੌਥੀ ਵਾਰ ਜਿੱਤ ਪ੍ਰਾਪਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਤਿੰਨ ਵਾਰ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਵਜੋਂ ਬਠਿੰਡਾ ਤੋਂ ਚੋਣ ਲੜਦੇ ਰਹੇ, ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਗਠਜੋੜ ਟੁੱਟਣ ਤੋਂ ਬਾਅਦ ਪਹਿਲੀ ਵਾਰ ਲੋਕ ਸਭਾ ਚੋਣ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜੀ ਗਈ।
ਆਪ ਮੰਤਰੀ ਨੂੰ ਹਰਾਇਆ: ਦੂਜੇ ਪਾਸੇ, ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਸੀਟ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜੇਕਰ ਮੁੱਢਲੇ ਮੁਕਾਬਲੇ ਦੀ ਗੱਲ ਕੀਤੀ ਜਾਵੇ, ਤਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਿਚਕਾਰ ਮੁੱਢਲੇ ਰੁਝਾਨਾ ਵਿੱਚ ਫਸਵਾਂ ਮੁਕਾਬਲਾ ਵੇਖਣ ਨੂੰ ਮਿਲਿਆ, ਪਰ ਹੌਲੀ ਹੌਲੀ ਲੀਡ ਵਧਣ ਤੋਂ ਬਾਅਦ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ 49656 ਦੀ ਲੀਡ ਲੈ ਕੇ ਬਠਿੰਡਾ ਲੋਕ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਗਈ। ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ 3,76,558 ਵੋਟਾਂ ਮਿਲੀਆਂ ਹਨ।
ਗੁਰਮੀਤ ਸਿੰਘ ਖੁਡੀਆਂ, ਜੋ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਬਠਿੰਡਾ ਲੋਕ ਸਭਾ ਸੀਟ ਤੋਂ ਉਤਾਰਿਆ ਗਏ ਸਨ, ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਬ ਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਾ ਕੇ ਵਿਧਾਇਕ ਬਣੇ ਸਨ ਅਤੇ ਵਿਧਾਇਕ ਬਣਨ ਉਪਰੰਤ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ ਸੀ। ਗੁਰਮੀਤ ਸਿੰਘ ਖੁਡੀਆਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ 3,26,902 ਵੋਟਾਂ ਪ੍ਰਾਪਤ ਕੀਤੀਆਂ ਗਈਆਂ।
ਕਾਂਗਰਸ ਆਗੂ ਨੂੰ ਕਿੰਨੀਆਂ ਵੋਟਾਂ ਮਿਲੀਆਂ: ਇਸੇ ਤਰ੍ਹਾਂ ਕਾਂਗਰਸ ਵੱਲੋਂ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਜੀਤ ਮਹਿੰਦਰ ਸਿੰਘ ਸਿੱਧੂ 2023 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ ਅਤੇ ਲੋਕ ਸਭਾ ਚੋਣਾਂ 2024 ਵਿੱਚ ਕਾਂਗਰਸ ਵੱਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਜੀਤ ਮਹਿੰਦਰ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਈ ਚੋਣ ਰੈਲੀਆਂ ਕੀਤੀਆਂ ਗਈਆਂ ਸਨ ਅਤੇ ਵਿਰੋਧੀਆਂ ਖਿਲਾਫ ਵੱਡੀ ਪੱਧਰ ਉੱਤੇ ਚੋਣ ਪ੍ਰਚਾਰ ਕੀਤਾ ਗਿਆ ਸੀ। ਲੋਕ ਸਭਾ ਸੀਟ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ 2,02,011 ਵੋਟਾਂ ਪ੍ਰਾਪਤ ਕੀਤੀਆਂ ਗਈਆਂ।
ਪਰਮਪਾਲ ਕੌਰ ਸਿੱਧੂ ਵੀ ਹਾਰੀ:ਇਸੇ ਤਰ੍ਹਾਂ ਭਾਜਪਾ ਵੱਲੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਪਰਮਪਾਲ ਕੌਰ ਸਿੱਧੂ ਦੇ ਚੋਣ ਪ੍ਰਚਾਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਕਈ ਸਾਬਕਾ ਮੁੱਖ ਮੰਤਰੀ ਅਤੇ ਵੱਖ ਵੱਖ ਸੂਬਿਆਂ ਦੇ ਭਾਜਪਾ ਦੇ ਅਹੁਦੇਦਾਰ ਪਹੁੰਚੇ ਹੋਏ ਸਨ। ਪਰਮਪਾਲ ਕੌਰ ਵੱਲੋਂ ਆਈਏਐਸ ਦੀ ਨੌਕਰੀ ਤੋਂ ਰਿਟਾਇਰਮੈਂਟ ਲੈ ਕੇ ਇਹ ਚੋਣ ਲੜੀ ਗਈ ਸੀ। ਇਨ੍ਹਾਂ ਚੋਣਾਂ ਵਿੱਚ ਪਰਮਪਾਲ ਕੌਰ ਨੂੰ 1,10,762 ਵੋਟਾਂ ਪ੍ਰਾਪਤ ਹੋਈਆਂ ਹਨ।
ਲੱਖਾ ਸਿਧਾਣਾ ਨੂੰ ਕਰੀਬ 84 ਹਜ਼ਾਰ ਵੋਟਾਂ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਠਿੰਡਾ ਤੋਂ ਚੋਣ ਲੜ ਰਹੇ ਸਾਬਕਾ ਗੈਂਗਸਟਰ ਅਤੇ ਸਮਾਜ ਸੇਵੀ ਲੱਖਾ ਸਿੰਘ ਸਧਾਣਾ ਨੂੰ 84,684 ਵੋਟਾਂ ਪ੍ਰਾਪਤ ਹੋਈਆਂ। ਲੱਖਾ ਸਿੰਘ ਸਿਧਾਣਾ ਦੇ ਚੋਣ ਪ੍ਰਚਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਕੇ ਮੈਂਬਰ ਪਾਰਲੀਮੈਂਟ ਬਣੇ ਅੰਮ੍ਰਿਤ ਪਾਲ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਲਈ ਪਹੁੰਚੇ ਸਨ।
ਬੀਬਾ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਚੌਥੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਇਆ ਗਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲੇ ਪਿਆਰ ਨੇ ਵਿਰੋਧੀਆਂ ਨੂੰ ਜਵਾਬ ਦੇ ਦਿੱਤਾ ਹੈ, ਜੋ ਅਕਸਰ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਉੱਤੇ ਸਵਾਲ ਉਠਾਉਂਦੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਦੇ ਮਿਲੇ ਇਸ ਪਿਆਰ ਦੇ ਸਦਕਾ ਉਹ ਹਮੇਸ਼ਾ ਇਹਨਾਂ ਦੇ ਰਿਣੀ ਰਹਿਣਗੇ।