ਕਿਸਾਨੀ ਅੰਦੋਲਨ ਨੂੰ ਲੈ ਕੇ ਸੀਐਮ ਮਾਨ 'ਤੇ ਵਰ੍ਹੇ ਅਕਾਲੀ ਆਗੂ ਚੰਦੂਮਾਜਰਾ,'ਪੰਜਾਬ ਸਰਕਾਰ ਚਾਹੇ ਤਾਂ ਕੁਝ ਵੀ ਹੋ ਸਕਦਾ ਹੈ' ਹੁਸ਼ਿਆਰਪੁਰ :ਬੀਤੇ ਦਿਨੀਂ ਸੰਗਰੂਰ ਦੇ ਖਨੌਰੀ ਸਰਹੱਦ 'ਤੇ ਇੱਕ ਨੌਜਵਾਨ ਦੀ ਕਥਿਤ ਤੌਰ ਉੱਤੇ 'ਗੋਲੀ ਲੱਗਣ ਨਾਲ ਮੌਤ' ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦੋ ਦਿਨਾਂ ਲਈ ਦਿੱਲੀ ਚਲੋ ਦਾ ਸੱਦਾ ਮੁਲਤਵੀ ਕਰ ਦਿੱਤਾ ਹੈ। ਉਥੇ ਹੀ ਇਸ ਮਾਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਖਨੌਰੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਪਰਚਾ ਦਰਜ ਕਰਕੇ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਬਣਦੀ ਸਜ਼ਾ ਦੋਸ਼ੀਆਂ ਨੂੰ ਦਿਵਾਈ ਜਾਵੇਗੀ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪ ਤੇ ਨਿਸ਼ਾਨੇ ਸਾਧੇ :ਉਥੇ ਹੀ, ਦੂਜੇ ਪਾਸੇ ਮੁਖ ਮੰਤਰੀ ਦੇ ਇਹਨਾਂ ਬਿਆਨਾਂ ਨੂੰ ਮਹਿਜ਼ ਝੂਠ ਅਤੇ ਦੋਗਲੀ ਨਿੱਤੀ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਨਿਸ਼ਾਨੇ ਸਾਧੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਆਪਣੇ ਦੋਗਲੇ ਰੋਲ, ਨਲਾਇਕੀ ਤੇ ਰਾਜਸੀ ਲਾਹੇ ਲਈ ਮਨ ਦੇ ਖੋਟ ਕਾਰਨ ਕਿਸਾਨਾਂ ਦਾ ਘਾਣ ਕਰਵਾਇਆ ਹੈ ਤੇ ਜਿਸ ਤਰ੍ਹਾਂ ਹਰਿਆਣਾ ਪੁਲਿਸ ਵਲੋਂ ਪੰਜਾਬ ਦੀਆਂ ਸਰੱਹਦਾਂ ’ਤੇ ਨਾਕਾਬੰਦੀ ਕਰਕੇ ਜਵਾਨੀ ਤੇ ਕਿਸਾਨਾਂ ਨੂੰ ਗੈਸ ਦੇ ਗੋਲਿਆਂ ਤੇ ਗੋਲੀਆਂ ਨਾਲ ਉਜਾੜਿਆ ਜਾ ਰਿਹਾ ਹੈ। ਉਸ ਵਾਸਤੇ ਸੂਬੇ ਦੇ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।
ਪੰਜਾਬ ਸਰਕਾਰ ਨੂੰ ਹਰਿਆਣਾ ਖਿਲਾਫ ਸਖਤ ਹੋਣ ਦੀ ਲੋੜ :ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮਸਲੇ ਹੱਲ ਹੋ ਸਕਦੇ ਹਨ। ਨਾਲ ਹੀ ਇਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਅਤੇ ਕੇਂਦਰ ਵਿੱਚ ਜੋ ਵੀ ਹਲਾਤ ਬਣੇ ਹਨ ਇਹ ਸੁਲਝ ਸਕਦੇ ਹਨ ਜੇਕਰ ਪੰਜਾਬ ਸਰਕਾਰ ਸਖਤੀ ਨਾਲ ਹਰਿਆਣਾ ਸਰਕਾਰ ਉੱਤੇ ਰੋਕ ਲਗਾਵੇ ਕਿ ਉਹਨਾਂ ਵੱਲੋਂ ਪੰਜਾਬ ਦੀ ਹੱਦ ਵਿੱਚ ਕੋਈ ਕਾਰਵਾਈ ਨਾ ਕੀਤੀ ਜਾਵੇ। ਪਰ ਅਜਿਹਾ ਨਹੀਂ ਹੋ ਰਿਹਾ ਕਿਓਂਕਿ ਆਮ ਆਦਮੀ ਪਾਰਟੀ ਬਸ ਲੋਕਾਂ ਤੋਂ ਲਾਹਾ ਲੈਣਾ ਚਾਹੁੰਦੀ ਹੈ। ਉਥੇ ਹੀ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ, ਸੜਕਾਂ ਦੀ ਹਾਲਤ ਸੁਧਾਰਨ ਵਿੱਚ ਫੇਲ੍ਹ ਸਾਬਤ ਹੋਈ ਹੈ ਅਤੇ ਘਰ ਘਰ ਸਰਕਾਰ ਦੇ ਫੋਕੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿੱਚ ਮਾਈਨਿੰਗ ਮਾਫੀਆ ਦਾ ਬੋਲਬਾਲਾ ਹੈ ਅਤੇ ਖ਼ਾਲਸੇ ਦੀ ਜਨਮਭੂਮੀ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਅੱਜ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਮੂੰਹ ਨਹੀਂ ਲਗਾਉਣਗੇ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਕਾਣੇਵਾਲ ਵਿੱਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਾਬਕਾ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਦੀ ਅਗੁਆਵੀ ਦੇ ਵਿੱਚ ਹਲਕੇ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਲਾਮਬੰਦ ਕੀਤਾ।