ਜੀਤ ਮਹਿੰਦਰ ਸਿੱਧੂ ਨੇ ਨਾਮਜ਼ਦਗੀ ਫਾਰਮ ਭਰੇ (ETV Bharat Bathinda) ਬਠਿੰਡਾ : ਪੰਜਾਬ ਵਿੱਚ ਸੱਤਵੇਂ ਪੜਾਅ ਦੇ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾ ਅੱਜ ਚੌਥਾ ਦਿਨ ਹੈ। ਪੰਜਾਬ ਵਿੱਚ ਅੱਜ ਵੱਡੇ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਲੈ ਕੇ ਮਿਨੀ ਸਕੱਤਰੇਤ ਵਿਖੇ ਕਾਫਲੇ ਦੇ ਰੂਪ ਵਿੱਚ ਡਿਪਟੀ ਕਮਿਸ਼ਨਰ ਕਮ ਚੋਣ ਅਫਸਰ ਕੋਲ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਨਾਮਜ਼ਦਗੀ ਭਰਵਾਓਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ।
ਰਾਜਾ ਵੜਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਸ਼ਬਦੀ ਹਮਲਾ : ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਵੱਡਾ ਸਿਆਸੀ ਵਾਰ ਕੀਤਾ ਗਿਆ। ਉਹਨਾਂ ਕਿਹਾ ਕਿ ਕਿਹਾ ਇਸ ਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇਸ਼ ਦੀ ਪਾਰਲੀਮੈਂਟ ਦੀਆਂ ਪੌੜੀਆਂ ਨਹੀਂ ਚੜਨਗੇ।ਦੱਸ ਦਈਏ ਕਿ ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਮਹਰੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਪਹੁੰਚੇ। ਉਹਨਾਂ ਕਿਹਾ ਕਿ ਉਹ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ।
ਜਿਕਰਯੋਹ ਹੈ ਕਿ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਕਵਿੰਗ ਉਮੀਦਵਾਰ ਵਜੋਂ ਉਹਨਾਂ ਦੇ ਸਪੁੱਤਰ ਗੁਰਬਾਜ ਸਿੰਘ ਸਿੱਧੂ ਵੱਲੋਂ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ ਗਏ। ਇਸ ਮੌਕੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਨਿਮਰਤ ਕੌਰ ਸਿੱਧੂ ਸਮੇਤ ਸਮੁੱਚੀ ਲੀਡਰਸ਼ਿਪ ਉਹਨਾਂ ਦੇ ਨਾਲ ਮੌਜੂਦ ਰਹੀ। ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪਰਿਵਾਰ ਸਮੇਤ ਸ਼ਾਮਿਲ ਹੋਏ ਅਤੇ ਕਾਂਗਰਸ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ।
ਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ :ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਵੀ ਕਾਂਗਰਸ ਬਹੁਮਤ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਦੇਸ਼ ਵਾਸੀ ਭਾਜਪਾ ਦੀ 10 ਸਾਲ ਦੀ ਸਰਕਾਰ ਦੇ ਜੁਮਲਿਆਂ ਤੋਂ ਪਰੇਸ਼ਾਨ ਹਨ ਅਤੇ ਆਪਸੀ ਵੰਡੀਆਂ ਪਾਉਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ, ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ, ਵਿਰੋਧੀਆਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ, ਜਿਸ ਕਰਕੇ ਲੋਕ ਇਹਨਾਂ ਚੋਣਾਂ ਵਿੱਚ ਭਾਜਪਾ ਨੂੰ ਚੱਲਦਾ ਕਰਨ ਲਈ ਕਾਂਗਰਸ ਦਾ ਸਹਿਯੋਗ ਕਰਨਗੇ। ਇਸ ਮੌਕੇ ਉਹਨਾਂ ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਦੀ ਰਿਕਾਰਡ ਵੋਟਾਂ ਨਾਲ ਜਿੱਤ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਜਿੱਤ ਉਪਰੰਤ ਇਸ ਇਲਾਕੇ ਨੂੰ ਵਿਕਾਸ ਪੱਖੋਂ ਮੋਹਰੀ ਲੋਕ ਸਭਾ ਹਲਕਾ ਬਣਾਇਆ ਜਾਵੇਗਾ, ਜਿਸ ਨੂੰ ਬਾਦਲਾਂ ਨੇ ਹਮੇਸ਼ਾ ਹੀ ਅੱਖੋਂ ਪਰੋਖਾ ਕੀਤਾ।