ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸੁਰਿੰਦਰ ਢਿੱਲੋਂ ਨੂੰ ਮਿਤੀ 26.05.2022 ਨੂੰ ਦਰਜ ਕੀਤੀ ਗਈ ਐਫ.ਆਈ.ਆਰ. ਨੰਬਰ 12 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧੇ ਹੋਏ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13(1)(ਏ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ। ਇਹ ਦੋਸ਼ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ ਐਕੁਆਇਰ ਕੀਤੀ ਗਈ 1,103 ਏਕੜ ਜ਼ਮੀਨ ਸਬੰਧੀ ਜਾਰੀ ਕੀਤੇ ਗਏ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ ਕਰਨ ਅਤੇ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਨਾਕਾਮ ਰਹਿਣ ਨਾਲ ਸਬੰਧਤ ਹਨ।