ਅੰਮ੍ਰਿਤਸਰ: ਪੰਜਾਬ 'ਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਹੁਣ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 1 ਕਿੱਲੋ ਹੈਰੋਇਨ ਅਤੇ ਇੱਕ ਮੋਟਰਸਾਇਕਲ ਸਮੇਤ ਦੋ ਨਸ਼ਾਂ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਸੀ.ਆਈ.ਏ ਸਟਾਫ-2, ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੁਆਰਾ ਕੀਤੀ ਗਈ ਹੈ। ਕਾਬੂ ਕੀਤੇ ਗਏ ਤਸਕਰਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਕੁੰਨਣ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਨਸ਼ਾ ਤਸਕਰਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
ਇਸ ਦੌਰਾਨ ਪੁਲਿਸ ਅਧਿਕਾਰੀ ਨੇ ਗੱਲ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਨਸ਼ਾ ਤਸਕਰ ਕੁੰਨਣ ਸਿੰਘ ਦੇ ਖਿਲਾਫ ਕਤਲ ਦਾ ਮਾਮਲਾ ਪਹਿਲਾਂ ਹੀ ਦਰਜ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ ਟੂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਇੱਕ ਕਿੱਲੋ ਹੈਰੋਇਨ ਦੇ ਨਾਲ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।