ਤਿੰਨ ਨਸ਼ਾ ਤਸਕਰ ਗ੍ਰਿਫਤਾਰ (ETV BHARAT ( ਅੰਮ੍ਰਿਤਸਰ ਰਿਪੋਟਰ)) ਅੰਮ੍ਰਿਤਸਰ: ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਦੇ ਨਾਲ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੇ ਚਲਦੇ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਉਹਨਾਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ 9 ਕਿੱਲੋ 200 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਨਾਲ ਸੰਬੰਧ:ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ 9 ਕਿੱਲੋ 200 ਗ੍ਰਾਮ ਹੈਰੋਇਨ, 95,000 ਡਰੱਗ ਮਨੀ ਅਤੇ ਦੋ ਵਹੀਕਲਾਂ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਇਹਨਾਂ ਨਸ਼ਾ ਤਸਕਰਾਂ ਦੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਨਾਲ ਸੰਬੰਧ ਹਨ।
ਵੱਡੇ ਖੁਲਾਸੇ ਹੋਣ ਦੀ ਸੰਭਾਵਨਾ:ਪਾਕਿਸਤਾਨ ਤੋਂ ਡਰੋਨ ਦੇ ਜਰੀਏ ਇਹ ਨਸ਼ਾ ਤਸਕਰ ਹੈਰੋਇਨ ਮੰਗਵਾਉਂਦੇ ਸਨ ਅਤੇ ਹੁਣ ਇਨ੍ਹਾਂ ਤਸਕਰਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾ ਕਿਹਾ ਕਿ ਕਾਬੂ ਕੀਤੇ ਇਹਨਾਂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿਛ ਕੀਤੀ ਜਾਵੇਗੀ ਕਿ ਵੱਡੀ ਮਾਤਰਾ ਵਿੱਚ ਇਹ ਹੈਰੋਇਨ ਕਿੱਥੇ ਲੈ ਕੇ ਜਾਣੀ ਸੀ। ਉਹਨਾਂ ਕਿਹਾ ਕਿ ਇਹਨਾਂ ਦੇ ਫੋਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਅੱਗੇ ਕਿਹਾ ਕਿ ਕਾਬੂ ਕੀਤੇ ਗਏ ਇਹਨਾਂ ਨਸ਼ਿਆਂ ਤਸਕਰਾਂ ਕੋਲੋਂ ਮੋਬਾਈਲ ਵੀ ਬਰਾਮਦ ਕੀਤੇ ਗਏ ਹਨ ਅਤੇ ਮੋਬਾਈਲ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿਸਟਰੀ ਸ਼ੀਟਰ ਹਨ ਮੁਲਜ਼ਮ: ਪੁਲਿਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਗਏ ਤਿੰਨ ਨਸ਼ਾ ਤਸਕਰਾਂ ਵਿੱਚੋਂ 2 ਪਹਿਲਾਂ ਹੀ ਭਗੋੜੇ ਚੱਲ ਰਹੇ ਸਨ। ਇਨ੍ਹਾਂ ਉੱਤੇ ਪਹਿਲਾਂ ਵੀ ਲੁੱਟ ਖੋਹ, ਨਸ਼ਾ ਤਸਕਰੀ ਇੱਥੋਂ ਤੱਕ ਕਿ ਕਤਲ ਦੇ ਮਾਮਲੇ ਵੀ ਦਰਜ ਹਨ। ਪੁਲਿਸ ਨੇ ਇਨ੍ਹਾਂ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।