ਪੰਜਾਬ

punjab

ETV Bharat / state

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਐੱਸਆਈ ਕੀਤਾ ਗ੍ਰਿਫ਼ਤਾਰ, 15 ਹਜ਼ਾਰ ਸਮੇਤ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

SI arrested while taking bribe
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਐੱਸਆਈ ਕੀਤਾ ਗ੍ਰਿਫ਼ਤਾਰ (ETV BHARAT PUNJAB (ਰਿਪੋਟਰ,ਸ੍ਰੀ ਫਤਹਿਗੜ੍ਹ ਸਾਹਿਬ))

By ETV Bharat Punjabi Team

Published : 4 hours ago

ਸ੍ਰੀ ਫਤਹਿਗੜ੍ਹ ਸਾਹਿਬ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਇਲਜ਼ਾਮ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ABOUT THE AUTHOR

...view details